ਚੰਡੀਗਡ਼੍ਹ: ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿਆਹੁਤਾ ਮਹਿਲਾਵਾਂ ਵੀ ਮੰਗਲਸੂਤਰ ਪਾ ਸਕਦੀਆਂ ਹਨ। ਇਸ ਸਬੰਧੀ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਉਮੀਦਵਾਰ ਬਿਨਾਂ ਕਿਸੇ ਰੋਕ-ਟੋਕ ਦੇ ਇਹ ਧਾਰਮਿਕ ਚਿੰਨ੍ਹ ਪਹਿਨ ਸਕਣਗੇ। ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ।
ਜਾਰੀ ਹੁਕਮਾਂ ਅਨੁਸਾਰ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਸ ਦੀ ਧਾਰ 6 ਇੰਚ ਤੱਕ ਹੀ ਸੀਮਤ ਰੱਖੀ ਗਈ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਰਪਾਨ ਅਤੇ ਮੰਗਲਸੂਤਰ ਪਹਿਨਣ ਵਾਲੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ’ਤੇ ਨਿਰਧਾਰਤ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪਹੁੰਚਣਾ ਪਵੇਗਾ ਤਾਂ ਜੋ ਸੁਰੱਖਿਆ ਕਰਮਚਾਰੀ ਲੋੜੀਂਦੀ ਚੈਕਿੰਗ ਕਰ ਸਕਣ। ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਹਰਿਆਣਾ ਵਿੱਚ ਪ੍ਰੀਖਿਆ ਕੇਂਦਰਾਂ ਦੇ ਬਾਹਰ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਉਤਾਰਨ ਅਤੇ ਮਹਿਲਾਵਾਂ ਨੂੰ ਮੰਗਲਸੂਤਰ ਉਤਾਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ ਜਿਸ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਕਦਮ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।
