ਲਵ-ਮੈਰਿਜ ਕਰਵਾਉਣ ਵਾਲਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ; ਅਧਿਕਾਰੀਆਂ ਵੱਲੋਂ ਕਾਰਵਾਈ ਦਾ ਹੁਕਮ

ਲਵ-ਮੈਰਿਜ ਕਰਵਾਉਣ ਵਾਲਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ; ਅਧਿਕਾਰੀਆਂ ਵੱਲੋਂ ਕਾਰਵਾਈ ਦਾ ਹੁਕਮ

ਰਤਲਾਮ: ਇੱਕ ਪਿੰਡ ਦੇ ਵਸਨੀਕਾਂ ਨੇ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਮੁੱਦੇ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਫ਼ਰਮਾਨ 23 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ, ਜਿੱਥੇ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਪਿੰਡ ਦੇ ਅੱਠ ਜੋੜਿਆਂ ਦੇ ਭੱਜ ਕੇ ਵਿਆਹ ਕਰਵਾਉਣ ਤੋਂ ਬਾਅਦ ਸਮਾਜਿਕ ਬਾਈਕਾਟ ਦਾ ਫੈਸਲਾ ਲਿਆ ਗਿਆ ਹੈ।

ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਇਹ ਐਲਾਨ ਕਰਦੇ ਹੋਏ ਦਿਖਾਇਆ ਗਿਆ ਹੈ ਕਿ ਜੋ ਨੌਜਵਾਨ ਲੜਕੇ-ਲੜਕੀਆਂ ਭੱਜ ਕੇ ਪ੍ਰੇਮ ਵਿਆਹ ਕਰਵਾਉਣਗੇ, ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਸਮਾਗਮ ਵਿੱਚ ਨਹੀਂ ਬੁਲਾਇਆ ਜਾਵੇਗਾ। ਉਸ ਨੇ ਅੱਗੇ ਕਿਹਾ ਕਿ ਅਜਿਹੇ ਵਿਅਕਤੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਇਸੇ ਤਰ੍ਹਾਂ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਕਲਿੱਪ ਵਿੱਚ ਵਿਅਕਤੀ ਵੱਲੋਂ ਐਲਾਨੀਆਂ ਹੋਰ ਕਾਰਵਾਈਆਂ ਵਿੱਚ ਅਜਿਹੇ ਜੋੜਿਆਂ ਨੂੰ ਰੁਜ਼ਗਾਰ ਦੇਣ ਤੋਂ ਇਨਕਾਰ ਕਰਨ ਦੇ ਨਾਲ-ਨਾਲ ਦੁੱਧ ਵਰਗੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਤੋਂ ਵਾਂਝੇ ਕਰਨਾ ਵੀ ਸ਼ਾਮਲ ਸੀ।

ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਦੇ ਪੰਚੇਵਾ ਪਿੰਡ ਵਿੱਚ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਅਜਿਹਾ ਫ਼ਰਮਾਨ ਜਾਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ।

ਕਲੈਕਟਰ ਮਿਸ਼ਾ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਲੋਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲੀਸ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪ੍ਰੇਮ ਵਿਆਹਾਂ ਦੇ ਖ਼ਿਲਾਫ਼ ਫੈਸਲਾ ਗ੍ਰਾਮ ਸਭਾ ਵੱਲੋਂ ਨਹੀਂ, ਬਲਕਿ ਪਿੰਡ ਵਾਸੀਆਂ ਨੇ ਖ਼ੁਦ ਲਿਆ ਸੀ। ਵਧੀਕ ਪੁਲੀਸ ਸੁਪਰਡੈਂਟ (ਦਿਹਾਤੀ) ਵਿਵੇਕ ਕੁਮਾਰ ਲਾਲ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ “ਬਾਊਂਡ ਓਵਰ” (ਚੰਗੇ ਵਿਵਹਾਰ ਅਤੇ ਸ਼ਾਂਤੀ ਬਣਾਈ ਰੱਖਣ ਲਈ ਕਾਨੂੰਨੀ ਤੌਰ ‘ਤੇ ਪਾਬੰਦ) ਕੀਤਾ ਜਾ ਰਿਹਾ ਹੈ ਅਤੇ ਵਿਸਤ੍ਰਿਤ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Share: