ਸੰਗਾਰੇਡੀ: ਇੱਕ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਖਾਣ ਤੋਂ ਬਾਅਦ ਲਗਪਗ 22 ਵਿਦਿਆਰਥੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਅਧਿਕਾਰੀ ਅਨੁਸਾਰ ਵੀਰਵਾਰ ਦੁਪਹਿਰ ਨੂੰ ਵਿਦਿਆਰਥੀਆਂ ਨੇ ਸਾਂਬਰ-ਚੌਲ ਖਾਧੇ ਸਨ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਪੇਟ ਵਿੱਚ ਦਰਦ ਅਤੇ ਬੇਚੈਨੀ ਵਰਗੇ ਲੱਛਣ ਦਿਖਾਈ ਦੇਣ ਲੱਗੇ। ਬੱਚਿਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਸਾਰੇ 22 ਵਿਦਿਆਰਥੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਛੁੱਟੀ ਮਿਲਣ ਦੀ ਉਮੀਦ ਹੈ। ਰਿਪੋਰਟਾਂ ਅਨੁਸਾਰ ਇਹ ਘਟਨਾ ਤਿਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਵਾਪਰੀ ਹੈ।
ਨਰਾਇਣਖੇਡ ਪੁਲੀਸ ਨੇ ਦੱਸਿਆ ਕਿ ਅਜੇ ਤੱਕ ਮਾਪਿਆਂ ਵੱਲੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਪਰ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਇਸੇ ਦੌਰਾਨ ਇੱਕ ਵੱਖਰੀ ਘਟਨਾ ਵਿੱਚ ਤਾਮਿਲਨਾਡੂ ਦੇ ਕੋਇੰਬਟੂਰ ਨੇੜੇ ਇੱਕ ਸਰਕਾਰੀ ਸਕੂਲ ਵਿੱਚ ਵੀ ਮਿਡ-ਡੇਅ ਮੀਲ ਖਾਣ ਨਾਲ 33 ਤੋਂ ਵੱਧ ਬੱਚਿਆਂ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਉਲਟੀਆਂ ਅਤੇ ਪੇਟ ਦਰਦ ਤੋਂ ਬਾਅਦ ਬੱਚਿਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਘਟਨਾਵਾਂ ਨੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਦੀ ਨਿਗਰਾਨੀ ਅਤੇ ਭੋਜਨ ਦੀ ਗੁਣਵੱਤਾ ਨੂੰ ਲੈ ਕੇ ਮੁੜ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।

