ਇਰਾਨ ਅਮਰੀਕਾ ਨਾਲ ਗੱਲਬਾਤ ਲਈ ਰਾਜ਼ੀ

ਦੁਬਈ: ਇਰਾਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨਾਲ ਵਾਜਬ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਰਾਨ ਵੱਲੋਂ ਇਹ ਪਹਿਲਾ ਸਪੱਸ਼ਟ ਸੰਕੇਤ ਹੈ ਕਿ ਉਹ ਗੱਲਬਾਤ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ; ਹਾਲਾਂਕਿ ਅਮਰੀਕਾ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਇਹ ਸਵੀਕਾਰ ਨਹੀਂ ਕੀਤਾ ਹੈ ਕਿ ਇਹ ਗੱਲਬਾਤ ਹੋਵੇਗੀ। ਇਹ ਘਟਨਾਕ੍ਰਮ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਪਿਛਲੇ ਮਹੀਨੇ ਇਰਾਨ ਵਿੱਚ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ’ਤੇ ਹੋਈ ਖੂਨੀ ਕਾਰਵਾਈ ਤੋਂ ਬਾਅਦ ਵਾਸ਼ਿੰਗਟਨ ਨਾਲ ਤਣਾਅ ਕਾਫੀ ਵਧਿਆ ਹੋਇਆ ਹੈ। ਇਹ ਐਲਾਨ ਸੁਧਾਰਵਾਦੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਲਈ ਵੱਡਾ ਮੋੜ ਹੈ। ਉਨ੍ਹਾਂ ਇਰਾਨੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਦੇਸ਼ ਵਿੱਚ ਮੌਜੂਦਾ ਹਾਲਾਤ ਉਨ੍ਹਾਂ ਦੇ ਕੰਟਰੋਲ ਤੋਂ ਬਾਹਰ ਹੋ ਗਏ ਹਨ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਰਾਸ਼ਟਰਪਤੀ ਨੂੰ ਇਰਾਨ ਦੇ ਸੁਪਰੀਮ ਆਗੂ ਆਇਤੁੱਲਾ ਅਲੀ ਖਮੇਨੀ ਦਾ ਸਮਰਥਨ ਪ੍ਰਾਪਤ ਹੈ, ਜਿਨ੍ਹਾਂ ਨੇ ਪਹਿਲਾਂ ਇਸ ਗੱਲਬਾਤ ਨੂੰ ਖਾਰਜ ਕਰ ਦਿੱਤਾ ਸੀ। ਤੁਰਕੀ ਇਸ ਹਫ਼ਤੇ ਦੇ ਅੰਤ ਵਿੱਚ ਆਪਣੇ ਦੇਸ਼ ’ਚ ਗੱਲਬਾਤ ਕਰਵਾਉਣ ਲਈ ਪਰਦੇ ਦੇ ਪਿੱਛੇ ਰਹਿ ਕੇ ਕੰਮ ਕਰ ਰਿਹਾ ਹੈ। ਇਸ ਦੌਰਾਨ ਅਮਰੀਕੀ ਮੱਧ ਪੂਰਬੀ ਦੂਤ ਸਟੀਵ ਵਿਟਕੌਫ ਖੇਤਰ ਦਾ ਦੌਰਾ ਕਰ ਰਹੇ ਹਨ। ਇਰਾਨ ਅਤੇ ਅਮਰੀਕਾ ਵਿਚਾਲੇ ਸਮਝੌਤਾ ਹੋਵੇਗਾ ਜਾਂ ਨਹੀਂ, ਇਹ ਦੇਖਣਾ ਅਜੇ ਬਾਕੀ ਹੈ।

Share: