ਚੰਡੀਗਡ਼੍ਹ: ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ 9 ਫਰਵਰੀ ਤੋਂ 72 ਘੰਟਿਆਂ ਲਈ ਅਪਰੇਸ਼ਨ ਪ੍ਰਹਾਰ-2 ਚਲਾਇਆ ਜਾਵੇਗਾ। ਇਸ ਦੌਰਾਨ ਦੋ ਹਜ਼ਾਰ ਤੋਂ ਵੱਧ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇ ਮਾਰੇ ਜਾਣਗੇ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪੁਲੀਸ ਕਮਿਸ਼ਨਰ ਅਤੇ ਐੱਸ ਐੱਸ ਪੀ ਇਸ ਮੁਹਿੰਮ ਦੀ ਅਗਵਾਈ ਕਰਨਗੇ।
ਡੀ ਜੀ ਪੀ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ-1 ਦੌਰਾਨ ਸੂਬੇ ਵਿੱਚ 17,603 ਥਾਵਾਂ ’ਤੇ ਛਾਪੇ ਮਾਰੇ ਗਏ ਅਤੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਗੈਂਗਸਟਰ ਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ। ਉਨ੍ਹਾਂ ਦੇ ਕਬਜ਼ੇ ’ਚੋਂ 128 ਹਥਿਆਰ ਬਰਾਮਦ ਕੀਤੇ ਗਏ। 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, ਜਦੋਂਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਬਾਅਦ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ 344 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਸੀ ਪੀ ਤੇ ਐੱਸ ਐੱਸ ਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਲਈ ਅਪਰਾਧ ਵਾਲੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਮੌਜੂਦਗੀ ਅਤੇ ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਦੌਰੇ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸ੍ਰੀ ਯਾਦਵ ਨੇ ਕਿਹਾ ਕਿ ਪੁਲੀਸ ਵੱਲੋਂ ਅਗਲੇ 72 ਘੰਟਿਆਂ ਦੌਰਾਨ ਪੰਜਾਬ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰ ਕੇ ਸੂਬੇ ਵਿੱਚ ਹਰ ਆਉਣ ਤੇ ਜਾਣ ਵਾਲੇ ਵਿਅਕਤੀ ਦੀ ਤਲਾਸ਼ੀ ਲਈ ਜਾਵੇਗੀ। ਪੰਜਾਬ ਪੁਲੀਸ ਨੇ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ 61 ਗੈਂਗਸਟਰਾਂ ਦੀ ਸੁੂਚੀ ਤਿਆਰ ਕੀਤੀ ਹੈ, ਜਿਸ ਵਿੱਚੋਂ 38 ਨੂੰ ਦੇਸ਼ ਵਾਪਸ ਲਿਆਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਯੁੱਧ ਨਸ਼ਿਆਂ ਵਿਰੁੱਧ ਤਹਿਤ 48,167 ਜਣੇ ਗ੍ਰਿਫ਼ਤਾਰ
ਪੁਲੀਸ ਨੇ 1 ਮਾਰਚ 2025 ਨੂੰ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਨਸ਼ਾ ਤਸਕਰੀ ਦੇ ਮਾਮਲੇ ਵਿੱਚ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 33,779 ਕੇਸ ਦਰਜ ਕੀਤੇ ਹਨ। ਉਨ੍ਹਾਂ ਦੇ ਕਬਜ਼ੇ ’ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

