Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

Kamal Bhabhi Murder ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

ਬਠਿੰਡਾ: ਬਠਿੰਡਾ ਦੀ ਸਥਾਨਕ ਅਦਾਲਤ ਨੇ ਸੋਸ਼ਲ ਮੀਡੀਆ ’ਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਮਹਿਰੋਂ ਨੂੰ ਵਾਰ-ਵਾਰ ਸੰਮਨ ਭੇਜੇ ਸਨ, ਇਸ ਦੇ ਬਾਵਜੂਦ ਉਹ ਪੇਸ਼ ਨਾ ਹੋਇਆ ਜਿਸ ਤੋਂ ਬਾਅਦ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੁਲੀਸ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੀ ਘਟਨਾ ਤੋਂ ਬਾਅਦ ਦੇਸ਼ ਤੋਂ ਫਰਾਰ ਹੋ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਹੈ। ਮਹਿਰੋਂ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ ਅਤੇ ਉਹ ‘ਕੌਮ ਦੇ ਰਾਖੇ’ ਨਾਮਕ ਰੈਡੀਕਲ ਗਰੁੱਪ ਦੀ ਅਗਵਾਈ ਕਰਦਾ ਹੈ। ਅਦਾਲਤੀ ਰਿਕਾਰਡ ਮੁਤਾਬਕ, ਇਸ ਮਾਮਲੇ ਵਿੱਚ ਮਹਿਰੋਂ ਦੇ ਤਿੰਨ ਸਾਥੀ—ਜਸਪ੍ਰੀਤ ਸਿੰਘ, ਨਿਮਰਜੀਤ ਸਿੰਘ ਅਤੇ ਰਣਜੀਤ ਸਿੰਘ ਮੁਲਜ਼ਮ ਹਨ। ਜਸਪ੍ਰੀਤ ਸਿੰਘ ਅਤੇ ਨਿਮਰਜੀਤ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਰਣਜੀਤ ਸਿੰਘ ਨੂੰ 6 ਫਰਵਰੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।

ਪੁਲੀਸ ਮੁਤਾਬਕ, 9 ਅਤੇ 10 ਜੂਨ ਦੀ ਦਰਮਿਆਨੀ ਰਾਤ ਨੂੰ ਇਨ੍ਹਾਂ ਵੱਲੋਂ ਕੰਚਨ ਕੁਮਾਰੀ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਬਾਅਦ ਵਿੱਚ ਉਸ ਦੀ ਲਾਸ਼ ਬਠਿੰਡਾ ਦੇ ਭੁੱਚੋ ਖੇਤਰ ਵਿੱਚ ਸਥਿਤ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪਾਰਕਿੰਗ ’ਚ ਸੁੱਟ ਦਿੱਤੀ ਗਈ ਸੀ। ਅਗਲੇ ਦਿਨ ਲਾਸ਼ ਦੀ ਬਰਾਮਦਗੀ ਹੋਈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।

ਬਠਿੰਡਾ ਕੈਂਟ ਥਾਣੇ ਦੇ ਐੱਸਐੱਚਓ ਦਲਜੀਤ ਧਾਲੀਵਾਲ ਨੇ ਦੱਸਿਆ ਕਿ ਅਦਾਲਤ ਵੱਲੋਂ ਮਹਿਰੋਂ ਨੂੰ ਭਗੌੜਾ ਕਰਾਰ ਦੇਣ ਨਾਲ ਪੁਲੀਸ ਨੂੰ ਇੰਟਰਪੋਲ ਰਾਹੀਂ ਉਸ ਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਪੁਲੀਸ ਅਨੁਸਾਰ, ਮਹਿਰੋਂ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਦੁਬਈ ਭੱਜਿਆ ਸੀ, ਜਿਸ ਵਿੱਚ ਉਸਦੇ ਸਾਥੀ ਰਣਜੀਤ ਸਿੰਘ ਦੀ ਭੂਮਿਕਾ ਸਾਹਮਣੇ ਆਈ ਹੈ।

Share: