ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਪੈਦਲ ਯਾਤਰਾ ਦੇ ਦੂਜੇ ਦਿਨ ਅੱਜ ਫ਼ਿਰੋਜ਼ਪੁਰ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਅੰਗ ਸੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਚੱਲਣਗੇ। ਰਾਜਪਾਲ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦੇ ਮਕਸਦ ਨਾਲ ਸ਼ੁਰੂ ਕੀਤੀ ਇਸ ਯਾਤਰਾ ਵਿਚੋਂ ਅੱਜ ਸਿਆਸੀ ਨਕਸ਼ ਵੀ ਉੱਘੜਨਗੇ। ਬੇਸ਼ੱਕ ਇਸ ਪੈਦਲ ਯਾਤਰਾ ਦਾ ਮਕਸਦ ਸਮਾਜਿਕ ਰਿਹਾ ਹੈ ਪ੍ਰੰਤੂ ਅੱਜ ਇਹ ਯਾਤਰਾ ਅੱਜ ਸਿਆਸੀ ਇਸ਼ਾਰਾ ਵੀ ਕਰੇਗੀ।
ਸੂਤਰਾਂ ਅਨੁਸਾਰ ਡੇਰਾ ਬਿਆਸ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਹੋਣ ਵਾਲੀ ਪੈਦਲ ਯਾਤਰਾ ’ਚ ਸ਼ਾਮਲ ਹੋਣਗੇ। ਸਿਆਸੀ ਹਲਕਿਆਂ ’ਚ ਘੁਸਰ ਮੁਸਰ ਸ਼ੁਰੂ ਹੋ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਰਾਜਪਾਲ ਦੀ ਪੈਦਲ ਯਾਤਰਾ ’ਚ ਸ਼ਮੂਲੀਅਤ ਕਿਤੇ ਆਗਾਮੀ ਵਿਧਾਨ ਸਭਾ ਲਈ ਭਾਜਪਾ-ਅਕਾਲੀ ਗੱਠਜੋੜ ਹੋਣ ਦਾ ਮੁੱਢ ਤਾਂ ਨਹੀਂ ਹੋਵੇਗੀ। ਪੰਜਾਬ ਦੇ ਰਾਜਪਾਲ ਵੱਲੋਂ ਹੁਣ ਤੱਕ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਮਾਜਿਕ ਮੁੱਦੇ ਦੇ ਤੌਰ ’ਤੇ ਹੀ ਲਿਆ ਹੋਇਆ ਸੀ ਅਤੇ ਕੇਵਲ ਭਾਜਪਾ ਦੇ ਆਗੂ ਹੀ ਇਸ ਮੁਹਿੰਮ ’ਚ ਨਜ਼ਰ ਆਉਂਦੇ ਰਹੇ ਹਨ। ਅੱਜ ਫ਼ਿਰੋਜ਼ਪੁਰ ’ਚ ਰਾਜਪਾਲ ਦੀ ਪੈਦਲ ਯਾਤਰਾ ’ਚ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋਵੇਗਾ। ਇਹ ਵੀ ਅਹਿਮ ਹੋਵੇਗਾ ਕਿ ਰਾਜਪਾਲ ਦੀ ਇਸ ਮੁਹਿੰਮ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਬਿਆਸ ਇਕੱਠੇ ਤੌਰ ’ਤੇ ਪਹਿਲੀ ਵਾਰ ਸ਼ਾਮਲ ਹੋ ਰਹੇ ਹਨ।
ਚੇਤੇ ਰਹੇ ਕਿ ਡੇਰਾ ਬਿਆਸ ਦੇ ਮੁਖੀ ਨੇ ਨਾਭਾ ਜੇਲ੍ਹ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਉਸ ਮਗਰੋਂ ਮਜੀਠੀਆ ਨੂੰ ਬੇਕਸੂਰ ਦੱਸਿਆ ਸੀ। ਇਸ ਮੁਲਾਕਾਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਤਨਜ਼ ਤੋਂ ਵੀ ਸਿਆਸਤ ’ਚ ਕਾਫ਼ੀ ਹਲਚਲ ਹੋਈ ਸੀ। ਡੇਰਾ ਬਿਆਸ ਦੇ ਮੁਖੀ ਪਿਛਲੇ ਕੁੱਝ ਦਿਨਾਂ ਤੋਂ ਕਾਫ਼ੀ ਚਰਚਾ ’ਚ ਆ ਗਏ ਹਨ।

