ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਡਿਊਟੀ ਵਿੱਚ ਲਾਪ੍ਰਵਾਹੀ, ਦੁਰਵਿਹਾਰ ਅਤੇ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਇਹ ਸਾਰੇ ਮੁਅੱਤਲ ਅਧਿਕਾਰੀ ਚੋਣ ਕਮਿਸ਼ਨ ਲਈ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵਜੋਂ ਕੰਮ ਕਰ ਰਹੇ ਸਨ। ਦੱਸ ਦੇਈਏ ਕਿ ਬੂਥ ਪੱਧਰ ਦੇ ਅਧਿਕਾਰੀ ਅਤੇ ਰਜਿਸਟ੍ਰੇਸ਼ਨ ਅਫ਼ਸਰ ਅਸਲ ਵਿੱਚ ਰਾਜ ਸਰਕਾਰ ਦੇ ਕਰਮਚਾਰੀ ਹੁੰਦੇ ਹਨ ਜੋ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਅਤੇ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਅਧੀਨ ਡੈਪੂਟੇਸ਼ਨ ’ਤੇ ਕੰਮ ਕਰਦੇ ਹਨ।
ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸੂਬੇ ਦੀ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਅਧਿਕਾਰੀਆਂ ਦੇ ਸਬੰਧਤ ਵਿਭਾਗਾਂ ਵੱਲੋਂ ਬਿਨਾਂ ਕਿਸੇ ਦੇਰੀ ਦੇ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇ ਅਤੇ ਇਸ ਬਾਰੇ ਕਮਿਸ਼ਨ ਨੂੰ ਜਲਦੀ ਸੂਚਿਤ ਕੀਤਾ ਜਾਵੇ। ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਸੁਧਾਰ ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਤ੍ਰਿਣਮੂਲ ਕਾਂਗਰਸ ਸਰਕਾਰ ਵਿਚਾਲੇ ਪਹਿਲਾਂ ਹੀ ਕਾਫੀ ਖਿੱਚੋਤਾਣ ਚੱਲ ਰਹੀ ਹੈ ਅਤੇ ਇਸ ਕਾਰਵਾਈ ਨੇ ਇਸ ਟਕਰਾਅ ਨੂੰ ਹੋਰ ਵਧਾ ਦਿੱਤਾ ਹੈ।

