ਪੰਜਾਬ ‘ਚੋਂ ਮੋਰਚੇ ਚੁੱਕਣ ਦਾ ਐਲਾਨ, 32 ਕਿਸਾਨ ਜਥੇਬੰਦੀਆਂ ਨੇ ਲਏ ਇਹ ਅਹਿਮ ਫੈਸਲੇ

ਪੰਜਾਬ ‘ਚੋਂ ਮੋਰਚੇ ਚੁੱਕਣ ਦਾ ਐਲਾਨ, 32 ਕਿਸਾਨ ਜਥੇਬੰਦੀਆਂ ਨੇ ਲਏ ਇਹ ਅਹਿਮ ਫੈਸਲੇ

ਨਵੀਂ ਦਿੱਲੀ : ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ ਆਪਣਾ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਸਰਕਾਰ ਦੀ ਤਰਫੋਂ ਖੇਤੀਬਾੜੀ ਸਕੱਤਰ ਦੇ ਦਸਤਖਤ ਵਾਲਾ ਪੱਤਰ ਕਿਸਾਨ ਮੋਰਚੇ ਨੂੰ ਭੇਜਿਆ ਗਿਆ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਸਰਕਾਰ ਦੀ ਤਜਵੀਜ਼ ’ਤੇ ਵਿਚਾਰ ਕਰਨ ਮਗਰੋਂ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਸੰਯੁਕਤ ਮੋਰਚੇ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਵੀ ਮੀਟਿੰਗ ਕਰਕੇ 15 ਦਸੰਬਰ ਤੋਂ ਪੰਜਾਬ ਵਿੱਚੋਂ ਸਾਰੇ ਮੋਰਚੇ ਚੁੱਕਣ ਦਾ ਐਲਾਨ ਕਰ ਦਿੱਤਾ।

1) 9 ਦਸੰਬਰ ਸ਼ਾਮ 5:30 ਵਜੇ ਸਿੰਘ ਬਾਰਡਰ ਦੀ ਸਟੇਜ ਤੋਂ ਫਤਹਿ ਅਰਦਾਸ ਹੋਵੇਗੀ ।

2) 11 ਦਸੰਬਰ ਨੂੰ ਸਿੰਘ ਬਾਰਡਰ ਤੇ ਟਿਕਰੀ ਬਾਰਡਰ ਤੋਂ ਸਵੇਰੇ 9:00 ਵਜੇ ਵਾਪਸੀ ਰਵਾਨਗੀ।

3) 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ।

4) 15 ਦਸੰਬਰ ਨੂੰ ਪੰਜਾਬ ਚ ਚਲਦੇ ਸਾਰੇ ਮੋਰਚੇ ਸਮਾਪਤ ਕੀਤੇ ਜਾਣਗੇ।

ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਸਾਰੇ ਕਿਸਾਨ ਆਗੂ 13 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਖਤਮ ਨਹੀਂ ਹੋਇਆ, ਮੁਲਤਵੀ ਕਰ ਦਿੱਤਾ ਗਿਆ ਹੈ। 11 ਦਸੰਬਰ ਤੋਂ ਘਰ ਵਾਪਸੀ ਕਰਨਗੇ। ਸੰਯੁਕਤ ਕਿਸਾਨ ਮੋਰਚਾ ਬਰਕਰਾਰ ਰਹੇਗਾ। ਮੀਟਿੰਗ ਹਰ ਮਹੀਨੇ ਦੀ 15 ਤਰੀਕ ਨੂੰ ਹੋਵੇਗੀ। ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 15 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਸਮੀਖਿਆ ਕੀਤੀ ਜਾਵੇਗੀ। ਜੇਕਰ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਅਸੀਂ ਮੁੜ ਅੰਦੋਲਨ ਕਰ ਸਕਦੇ ਹਾਂ।

ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਕੇਂਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਜ਼ਰੂਰੀ ਬਿੱਲ ਲਿਆਏਗਾ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਨਵੇਂ ਢਾਂਚੇ ‘ਤੇ ਕੰਮ ਕਰਨ ਲਈ ਇੱਕ ਕਮੇਟੀ ਦਾ ਗਠਨ ਕਰੇਗੀ।

ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ 29 ਨਵੰਬਰ ਨੂੰ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਪਾਸ ਕਰ ਦਿੱਤਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਵਾਲੇ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

Share: