ਅੰਮ੍ਰਿਤਸਰ: ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਜਥੇਦਾਰ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਉਹ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ੋਮਣੀ ਕਮੇਟੀ ’ਤੇ ਲਾਏ ਦੋਸ਼ਾਂ ਦਾ ਮਾਮਲਾ ਆਪਣੇ ਹੱਥਾਂ ਵਿੱਚ ਲੈਣ।
ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੋਸ਼ਾਂ ਸਬੰਧੀ ਜਵਾਬ ਅਤੇ ਸਬੂਤ ਦੇਣ ਦੀ ਥਾਂ ਸ਼੍ਰੋਮਣੀ ਕਮੇਟੀ ਕੋਲੋਂ ਹੀ 72 ਘੰਟਿਆਂ ਵਿੱਚ ਜਵਾਬ ਮੰਗੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਗ੍ਰੰਥੀ ਵੱਲੋਂ ਇਸ ਕਾਰਵਾਈ ਨਾਲ ਪੰਥ ਵਿੱਚ ਨਵਾਂ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਸੌਂਪੇ ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਲਦੀ ਸੱਦਣੀ ਚਾਹੀਦੀ ਹੈ ਤੇ ਮਾਮਲਾ ਆਪਣੇ ਹੱਥਾਂ ਵਿੱਚ ਲੈ ਕੇ ਵਿਚਾਰ ਕਰਨੀ ਚਾਹੀਦੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਇਹ ਦੋਵੇਂ ਜਥੇਦਾਰ ਸ਼੍ਰੋਮਣੀ ਕਮੇਟੀ ’ਚ ਅਹੁਦਿਆਂ ਦਾ ਨਿੱਘ ਮਾਣ ਰਹੇ ਸਨ, ਉਸ ਵੇਲੇ ਉਨ੍ਹਾਂ ਨੂੰ ਕਮੇਟੀ ਦੇ ਪ੍ਰਬੰਧਾਂ ਵਿੱਚ ਕੋਈ ਗਲਤੀ ਨਜ਼ਰ ਕਿਉਂ ਨਹੀਂ ਆਈ? ਅੱਜ ਇਨ੍ਹਾਂ ਦੋਵਾਂ ਨੂੰ ਸ਼੍ੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਭ੍ਰਿਸ਼ਟਾਚਾਰ ਨਜ਼ਰ ਕਿਵੇਂ ਆ ਰਿਹਾ ਹੈ?