ਅਦਾਲਤਾਂ ’ਚ ਇਸ ਹਫ਼ਤੇ ਕੰਮਕਾਜ ਠੱਪ ਰਹੇਗਾ: ਦੱਪਰ

ਡੇਰਾਬੱਸੀ: ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸਹਿਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਹਫ਼ਤੇ ਅਦਾਲਤਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਪ੍ਰਧਾਨ ਐਡਵੋਕੇਟ ਵਿਕਰਮਜੀਤ ਸਿੰਘ ਦੱਪਰ ਨੇ ਦੱਸਿਆ ਕਿ ਸਮੂਹ ਵਕੀਲ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਮਤਾ ਪਾਸ ਕਰ ਕੇ ਐਕਸ਼ਨ ਪਲਾਨ ਕੇਸਾਂ, ਲੀਗਲ ਐਂਡ ਡਿਫੈਂਸ ਕੌਂਸਲ ਸਕੀਮ ਅਤੇ ਪੇਂਡੂ ਅਦਾਲਤਾਂ ਖ਼ਿਲਾਫ਼ ਰੋਸ ਪ੍ਰਗਟਾਇਆ ਹੈ ਅਤੇ ਸਰਕਾਰ ਤੋਂ ਇਨ੍ਹਾਂ ਨੀਤੀਆਂ ’ਤੇ ਦੁਬਾਰਾ ਵਿਚਾਰ ਕਰਨ ਦੀ ਮੰਗ ਕੀਤੀ ਹੈ।

ਪ੍ਰਧਾਨ ਦੱਪਰ ਨੇ ਕਿਹਾ ਕਿ ਐਕਸ਼ਨ ਪਲਾਨ ਕੇਸ ਵਕੀਲਾਂ ’ਤੇ ਵਧਦਾ ਬੋਝ ਬਣ ਰਹੇ ਹਨ ਅਤੇ ਕੇਸਾਂ ਨੂੰ ਜਲਦੀ ਨਿਬੇੜਨ ਦੀ ਦੌੜ ਵਿੱਚ ਲੋਕਾਂ ਨੂੰ ਸਹੀ ਢੰਗ ਨਾਲ ਇਨਸਾਫ਼ ਨਹੀਂ ਮਿਲ ਰਿਹਾ। ਇਸ ਨਾਲ ਵਕੀਲਾਂ ਦੀ ਨਿੱਜੀ ਜ਼ਿੰਦਗੀ ਅਤੇ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੀਗਲ ਐਂਡ ਡਿਫੈਂਸ ਕੌਂਸਲ ਸਕੀਮ ਦਾ ਗਲਤ ਇਸਤੇਮਾਲ ਹੋ ਰਿਹਾ ਹੈ, ਜਿਸ ਨਾਲ ਰੋਜ਼ਾਨਾ ਪ੍ਰੈਕਟਿਸ ਕਰਨ ਵਾਲੇ ਵਕੀਲਾਂ ’ਤੇ ਸਿੱਧਾ ਪ੍ਰਭਾਵ ਪਵੇਗਾ। ਪਿੰਡਾਂ ਵਿੱਚ ਕੈਂਪ ਲਗਾ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਖਾਰੀ ਅਤੇ ਮੀਤ ਪ੍ਰਧਾਨ ਰਾਮ ਕੁਮਾਰ ਧੀਮਾਨ, ਖਜ਼ਾਨਚੀ ਹਰਪ੍ਰੀਤ ਸਿੰਘ ਸੈਣੀ, ਜੁਆਇੰਟ ਸਕੱਤਰ ਸੀਮਾ ਧੀਮਾਨ ਨੇ ਦੱਸਿਆ ਕਿ ਹੜਤਾਲ ਦੌਰਾਨ ਕਿਸੇ ਵੀ ਵਕੀਲ ਨੂੰ ਕੋਰਟ ਰੂਮ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Share: