ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਜ਼ਰਾਈਲ ਦੇ ਦੋ ਦਿਨਾਂ ਅਧਿਕਾਰਤ ਦੌਰੇ ਲਈ ਰਵਾਨਾ ਹੋ ਗਏ ਹਨ। ਰਵਾਨਗੀ ਤੋਂ ਪਹਿਲਾਂ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਭਾਰਤ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਬੇਹੱਦ ਮਜ਼ਬੂਤ ਦੱਸਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ ‘ਪਿਆਰੇ ਦੋਸਤ’ ਬੈਂਜਾਮਿਨ ਨੇਤਨਯਾਹੂ ( Benjamin Netanyahu) ਨਾਲ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਦੌਰਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰੇਗਾ। ਇਸ ਦੌਰੇ ਦੌਰਾਨ ਵਿਗਿਆਨ, ਤਕਨਾਲੋਜੀ, ਖੇਤੀਬਾੜੀ, ਜਲ ਪ੍ਰਬੰਧਨ ਅਤੇ ਰੱਖਿਆ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਇਸ ਦੌਰੇ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਨਰਿੰਦਰ ਮੋਦੀ ਇਜ਼ਰਾਇਲੀ ਸੰਸਦ ‘ਕਨੇਸੈੱਟ’ (Knesset) ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਇਸ ਨੂੰ ਦੋਵਾਂ ਦੇਸ਼ਾਂ ਦੇ ਲੋਕਤੰਤਰੀ ਸਬੰਧਾਂ ਲਈ ਇੱਕ ਮਾਣਮੱਤਾ ਪਲ ਦੱਸਿਆ।
ਆਪਣੇ ਦੌਰੇ ਦੌਰਾਨ ਮੋਦੀ ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨਾਲ ਵੀ ਮੁਲਾਕਾਤ ਕਰਨਗੇ ਅਤੇ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇੱਕ ਅਜਿਹੇ ਭਵਿੱਖ ਦਾ ਨਿਰਮਾਣ ਕਰਨਾ ਹੈ ਜੋ ਨਵੀਨਤਾਕਾਰੀ (innovative) ਅਤੇ ਖ਼ੁਸ਼ਹਾਲ ਹੋਵੇ।

