ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ ਕਾਰ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਰੋਹਿਤ ਸੋਲੰਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ 25 ਫਰਵਰੀ ਦੀ ਰਾਤ ਨੂੰ ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਸਥਿਤ ਮਰਘਾਟ ਵਾਲੇ ਹਨੂਮਾਨ ਮੰਦਰ ਨੇੜੇ ਹੋਏ ਹਮਲੇ ਤੋਂ ਇੱਕ ਹਫ਼ਤੇ ਬਾਅਦ ਹੋਈ ਹੈ।
ਪੁਲੀਸ ਅਨੁਸਾਰ, ਰੋਹਿਤ ਸੋਲੰਕੀ ਇਸ ਹਮਲੇ ਦੀ ਸਾਜ਼ਿਸ਼ ਘੜਨ ਅਤੇ ਇਸ ਨੂੰ ਅੰਜਾਮ ਦੇਣ ਵਿੱਚ ਮੁੱਖ ਤੌਰ ’ਤੇ ਸ਼ਾਮਲ ਸੀ। ਵਾਰਦਾਤ ਦੇ ਸਮੇਂ ਗੱਡੀ ਵਿੱਚ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੇ ਮੋਢੇ ’ਤੇ ਗੋਲੀ ਲੱਗੀ ਸੀ, ਜਿਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 109(1) (ਕਤਲ ਦੀ ਕੋਸ਼ਿਸ਼) ਅਤੇ 3(5) (ਅਪਰਾਧਿਕ ਸਾਜ਼ਿਸ਼) ਦੇ ਨਾਲ-ਨਾਲ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਹਮਲੇ ਤੋਂ ਬਾਅਦ ਗੈਂਗਸਟਰ ਨਵੀਨ ਬਾਕਸਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਸੀ ਅਤੇ ਵਕੀਲ ਦੀਪਕ ਖੱਤਰੀ ਨੂੰ ਧਮਕੀਆਂ ਵੀ ਦਿੱਤੀਆਂ ਸਨ, ਜਿਸ ਦੀ ਪੁਲੀਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਪੁਲੀਸ ਹੁਣ ਇਸ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾ ਸਕੇ।

