ਕਪੂਰਥਲਾ ’ਚ ਨਵਵਿਆਹੁਤਾ ਦੀ ਭੇਤਭਰੇ ਹਾਲਾਤ ਵਿੱਚ ਮੌਤ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ 28 ਸਾਲਾ ਮੋਨਿਕਾ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੋਨਿਕਾ ਦਾ ਕਰੀਬ ਚਾਰ ਸਾਲ ਪਹਿਲਾਂ ਪਰਮਜੀਤ ਨਾਲ ਪ੍ਰੇਮ ਵਿਆਹ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਧੀਰੇਂਦਰ ਵਰਮਾ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਦੂਜੇ ਪਾਸੇ, ਮੋਨਿਕਾ ਦੇ ਪਿਤਾ ਰਾਮ ਲੁਭਾਇਆ ਅਤੇ ਚਾਚਾ ਤਰਸੇਮ ਸਿੰਘ ਨੇ ਸਹੁਰੇ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਇਸ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਕਰਾਰ ਦਿੱਤਾ ਹੈ। ਪਰਿਵਾਰ ਅਨੁਸਾਰ ਉਨ੍ਹਾਂ ਨੂੰ ਧੀ ਦੀ ਮੌਤ ਦੀ ਖ਼ਬਰ ਸਹੁਰੇ ਪਰਿਵਾਰ ਨੇ ਨਹੀਂ, ਸਗੋਂ ਗੁਆਂਢੀਆਂ ਨੇ ਦਿੱਤੀ। ਉਨ੍ਹਾਂ ਦਾ ਦਾਅਵਾ ਹੈ ਕਿ ਮੋਨਿਕਾ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ, ਜਦੋਂਕਿ ਸਹੁਰਾ ਪਰਿਵਾਰ ਇਸ ਨੂੰ ਖ਼ੁਦਕੁਸ਼ੀ ਦੱਸ ਰਿਹਾ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

Share: