ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ; ਬਾਜਵਾ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ; ਬਾਜਵਾ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੀ ਕਾਰਵਾਈ ਤੀਜੇ ਦਿਨ ਸ਼ੁਰੂ ਹੋ ਗਈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅੱਜ ਰਾਜਪਾਲ ਦੇ ਭਾਸ਼ਣ ਤੇ ਧੰਨਵਾਦ ਪ੍ਰਸਤਾਵ ਉੱਪਰ ਬਹਿਸ ਦਾ ਆਗਾਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਵਿਧਾਇਕਾ ਬਲਜਿੰਦਰ ਕੌਰ ਨੇ ਬਹਿਸ ਦੀ ਸ਼ੁਰੂਆਤ ਕਰਦਿਆਂ ਮੌਜੂਦਾ ਸਰਕਾਰ ਦੀਆਂ ਪ੍ਰਾਪਤੀਆਂ ਦੇ ਵੇਰਵੇ ਸਦਨ ਨਾਲ ਸਾਂਝੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਕੰਮਾਂ ’ਤੇ ਜ਼ੋਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

ਉੱਧਰ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਦੀ ਬਹਿਸ ਦੌਰਾਨ ਅੱਜ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਹਿਸ ਵਿੱਚ ਹਿੱਸਾ ਲੈਂਦਿਆਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਦੀ ਯਾਦ ਦਿਵਾਈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨ ਲਈ ਬਣੀ ਵਿਧਾਨ ਸਭਾ ਕਮੇਟੀ ਦੀ ਰਿਪੋਰਟ ’ਤੇ ਤੁਰੰਤ ਚਰਚਾ ਕਰਵਾਈ ਜਾਵੇ। ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਨਾ ਤਾਂ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਹਨ ਅਤੇ ਨਾ ਹੀ ਕਾਰੋਬਾਰ ਮਹਿਫੂਜ਼ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ।

ਸਦਨ ਵਿੱਚ ਮਾਹੌਲ ਉਸ ਸਮੇਂ ਤਲਖ਼ ਹੋ ਗਿਆ ਜਦੋਂ ਪ੍ਰਤਾਪ ਬਾਜਵਾ ਨੇ ਬੋਲਣ ਲਈ ਵਾਧੂ ਸਮੇਂ ਦੀ ਮੰਗ ਕੀਤੀ। ਸਪੀਕਰ ਵੱਲੋਂ ਸਮਾਂ ਦੇਣ ਤੋਂ ਇਨਕਾਰ ਕਰਨ ’ਤੇ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਆ ਕੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬੋਲਣ ਲਈ ਲੋੜੀਂਦਾ ਸਮਾਂ ਨਾ ਮਿਲਣ ਦੇ ਰੋਸ ਵਜੋਂ ਕਾਂਗਰਸੀ ਵਿਧਾਇਕ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚੋਂ ਵਾਕਆਊਟ ਕਰ ਗਏ।

Share: