ਗਿਆਨੇਸ਼ ਨੂੰ ਹਟਾਉਣ ਲਈ ਵਿਰੋਧੀ ਧਿਰ ਵੱਲੋਂ ਦੋਵਾਂ ਸਦਨਾਂ ’ਚ ਨੋਟਿਸ

ਗਿਆਨੇਸ਼ ਨੂੰ ਹਟਾਉਣ ਲਈ ਵਿਰੋਧੀ ਧਿਰ ਵੱਲੋਂ ਦੋਵਾਂ ਸਦਨਾਂ ’ਚ ਨੋਟਿਸ

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਲਈ ਤ੍ਰਿਣਮੂਲ ਕਾਂਗਰਸ ਸਣੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਦੋਵੇਂ ਸਦਨਾਂ ’ਚ ਨੋਟਿਸ ਦਿੱਤੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤਾਂ ਵੱਲੋਂ ਨੋਟਿਸਾਂ ਦੇ ਮੌਜੂਦਾ ਸਰੂਪਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਟੀ ਐੱਮ ਸੀ ਆਗੂ ਸੌਗਤ ਰੌਏ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਪ੍ਰਕਿਰਿਆ ਸੁਪਰੀਮ ਕੋਰਟ ਦੇ ਜੱਜ ਨੂੰ ਅਹੁਦੇ ਤੋਂ ਹਟਾਉਣ ਵਾਂਗ ਹੀ ਹੈ।

ਸੂਤਰਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ 130 ਲੋਕ ਸਭਾ ਅਤੇ 63 ਰਾਜ ਸਭਾ ਮੈਂਬਰਾਂ ਨੇ ਸਬੰਧਤ ਨੋਟਿਸ ’ਤੇ ਦਸਤਖ਼ਤ ਕੀਤੇ ਹਨ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਕਿਹਾ ਕਿ ਨੋਟਿਸ ’ਤੇ ਕਾਂਗਰਸ, ਸਮਾਜਵਾਦੀ ਪਾਰਟੀ, ਡੀ ਐੱਮ ਕੇ ਅਤੇ ਐੱਨ ਸੀ ਪੀ (ਐੱਸ ਸੀ) ਦੇ ਮੈਂਬਰਾਂ ਨੇ ਵੀ ਦਸਤਖ਼ਤ ਕੀਤੇ ਹਨ। ਸੂਤਰਾਂ ਮੁਤਾਬਕ ‘ਆਪ’ ਦੇ ਮੈਂਬਰਾਂ ਨੇ ਵੀ ਦਸਤਖ਼ਤ ਕੀਤੇ ਹਨ ਜੋ ਇੰਡੀਆ ਗੱਠਜੋੜ ਦਾ ਹਿੱਸਾ ਨਹੀਂ ਹੈ। ਟੀ ਐੱਮ ਸੀ ਮੁਖੀ ਮਮਤਾ ਬੈਨਰਜੀ ਨੇ ਗਿਆਨੇਸ਼ ਕੁਮਾਰ ਖ਼ਿਲਾਫ਼ ਸੰਸਦ ’ਚ ਮਹਾਦੋਸ਼ ਮਤਾ ਲਿਆਉਣ ਦਾ ਫ਼ੈਸਲਾ ਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਸਬੰਧੀ ਨੋਟਿਸ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਨੋਟਿਸ ’ਚ ਗਿਆਨੇਸ਼ ਕੁਮਾਰ ਖ਼ਿਲਾਫ਼ ਪੱਖਪਾਤੀ ਰਵੱਈਆ ਅਪਣਾਉਣ ਸਣੇ 7 ਦੋਸ਼ ਲਾਏ ਗਏ ਹਨ।

Share: