ਦਿੱਲੀ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਮਾਜ਼ ਅਦਾ

ਦਿੱਲੀ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਮਾਜ਼ ਅਦਾ

ਨਵੀਂ ਦਿੱਲੀ: ਦਿੱਲੀ ਦੇ ਉੱਤਮ ਨਗਰ ਵਿੱਚ ਸ਼ਨਿੱਚਰਵਾਰ ਨੂੰ ਮੁਸਲਿਮ ਭਾਈਚਾਰੇ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਸ਼ਾਂਤ ਮਾਹੌਲ ਹੇਠ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਦਿੱਲੀ ਦਾ ਉਹੀ ਇਲਾਕਾ ਹੈ ਜਿੱਥੇ ਹੋਲੀ ਮੌਕੇ ਇੱਕ ਝੜਪ ਵਿੱਚ ਇੱਕ ਤਰੁਣ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਲਾਕੇ ਵਿੱਚ ਫਿਰਕੂ ਤਣਾਅ ਪੈਦਾ ਹੋ ਗਿਆ ਸੀ।

ਇੱਕ ਅਧਿਕਾਰੀ ਨੇ ਦੱਸਿਆ ਕਿ ਹਸਤਸਾਲ ਪਿੰਡ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਦਿੱਲੀ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਇੱਥੇ ਦਾਖਲ ਹੋਣ ਅਤੇ ਬਾਹਰ ਨਿਕਲਣ ਵਾਲੀਆਂ ਥਾਵਾਂ ਉੱਤੇ ਬੈਰੀਕੇਡ ਲਗਾਏ ਗਏ ਹਨ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦਾ ਪਛਾਣ ਪੱਤਰ ਵੇਖਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਕੇਵਲ ਸਥਾਨਕ ਨਿਵਾਸੀਆਂ ਨੂੰ ਇਲਾਕੇ ਦੇ ਕੁਝ ਖਾਸ ਹਿੱਸਿਆਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ, ਜਦੋਂ ਕਿ ਬਾਹਰੀ ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਟੀਮਾਂ ਲਗਾਤਾਰ ਪੈਦਲ ਗਸ਼ਤ ਕਰ ਰਹੀਆਂ ਹਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਛੱਤਾਂ, ਤੰਗ ਗਲੀਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਤਿਉਹਾਰ ਸ਼ਾਂਤੀਪੂਰਵਕ ਤਰੀਕੇ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਉਹ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਸੁਰੱਖਿਆ ਬਲਾਂ ਨੂੰ ਤਿਆਰ ਬਰ ਤਿਆਰ ਰੱਖਿਆ ਗਿਆ ਹੈ।

ਗ਼ੌਰਤਲਬ ਹੈ ਕਿ ਹੋਲੀ ਵਾਲੇ ਦਿਨ (4 ਮਾਰਚ) ਨੂੰ ਜੇਜੇ ਕਲੋਨੀ ਵਿੱਚ ਦੋ ਗੁਆਂਢੀ ਪਰਿਵਾਰਾਂ ਵਿਚਕਾਰ ਝੜਪ ਹੋ ਗਈ ਸੀ। ਇਸ ਝੜਪ ਦੌਰਾਨ ਜਖ਼ਮੀ ਹੋਏ ਇੱਕ ਤਰੁਣ (26) ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ। ਇਹ ਤਕਰਾਰ ਉਦੋਂ ਸ਼ੁਰੂ ਹੋਈ ਜਦੋਂ ਇੱਕ ਪਰਿਵਾਰ ਦੀ ਲੜਕੀ ਵੱਲੋਂ ਸੁੱਟਿਆ ਗਿਆ ਪਾਣੀ ਦਾ ਗੁਬਾਰਾ ਗਲਤੀ ਨਾਲ ਦੂਜੇ ਪਰਿਵਾਰ ਦੀ ਇੱਕ ਔਰਤ ਨੂੰ ਜਾ ਵੱਜਿਆ।

ਇਸ ਘਟਨਾ ਕਾਰਨ ਕੁਝ ਸਮੂਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ, ਜਿਸ ਦੌਰਾਨ ਮੁਲਜ਼ਮਾਂ ਨਾਲ ਸਬੰਧਤ ਦੋ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਪੁਲੀਸ ਨੇ ਉਦੋਂ ਤੋਂ ਇਸ ਮਾਮਲੇ ਦੇ ਸਬੰਧ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ ਅਧਿਕਾਰੀਆਂ ਨੇ ਕਿਹਾ ਕਿ ਉਹ ਅਫਵਾਹਾਂ ਨੂੰ ਰੋਕਣ ਅਤੇ ਭੜਕਾਊ ਸਮੱਗਰੀ ਨੂੰ ਫੈਲਣ ਤੋਂ ਰੋਕਣ ਲਈ ਸੋਸ਼ਲ ਮੀਡੀਆ ‘ਤੇ ਵੀ ਤਿੱਖੀ ਨਜ਼ਰ ਰੱਖ ਰਹੇ ਹਨ।

Share: