ਜਲਾਲਾਬਾਦ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਇਲਾਕਾ ਵਾਸੀਆਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ 300 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਅਤੇ 350 ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਨ ਦੇ ਨੀਂਹ ਪੱਥਰ ਰੱਖੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪਦੀਆਂ ਰਹੀਆਂ ਹਨ ਪਰ ‘ਆਪ’ ਸਰਕਾਰ ਨੇ ਸਵਾ ਚਾਰ ਸਾਲਾਂ ਵਿੱਚ ਇਹ ਸਾਬਤ ਕਰ ਦਿੱਤਾ ਹੈ ਕਿ ਨੀਅਤ ਸਾਫ਼ ਹੋਵੇ ਤਾਂ ਖਜ਼ਾਨੇ ਦੀ ਕੋਈ ਕਮੀ ਨਹੀਂ ਹੁੰਦੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਚੱਲ ਰਹੀ ਵਿਕਾਸ ਦੀ ਹਨੇਰੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਹੁਣ ਜੋ ਵੀ ਨਵਾਂ ਡਾਕਟਰ ਜਾਂ ਅਧਿਆਪਕ ਭਰਤੀ ਹੋਵੇਗਾ, ਉਸ ਲਈ ਪਹਿਲੇ ਦੋ ਸਾਲ ਸਰਹੱਦੀ ਇਲਾਕੇ ਵਿੱਚ ਸੇਵਾ ਨਿਭਾਉਣੀ ਲਾਜ਼ਮੀ ਹੋਵੇਗੀ। ਇਸ ਬਦਲੇ ਸਰਕਾਰ ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਭੱਤੇ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਗਿਆ ਹੈ ਕਿ ਮੁਲਾਜ਼ਮ ਸਰਹੱਦੀ ਖੇਤਰਾਂ ਤੋਂ ਬਦਲੀ ਕਰਵਾਉਣ ਦੀ ਕਾਹਲ ਵਿੱਚ ਰਹਿੰਦੇ ਹਨ, ਜਿਸ ਕਾਰਨ ਇੱਥੋਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ। ਨਵੀਂ ਨੀਤੀ ਨਾਲ ਇਹ ਸਮੱਸਿਆ ਹੱਲ ਹੋਵੇਗੀ। ਪੰਜਾਬ ਨੂੰ ਖੂਬਸੂਰਤ ਬਣਾਉਣ ਅਤੇ ਹਾਦਸਿਆਂ ਤੋਂ ਬਚਾਉਣ ਲਈ ਮੁੱਖ ਮੰਤਰੀ ਨੇ ਬਿਜਲੀ ਦੀਆਂ ਤਾਰਾਂ ਜ਼ਮੀਨਦੋਜ਼ ਕਰਨ ਦੇ ਪਾਇਲਟ ਪ੍ਰਾਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਨੂੰ ਤਾਰਾਂ ਅਤੇ ਖੰਭਿਆਂ ਦੇ ਜਾਲ ਤੋਂ ਮੁਕਤ ਕਰ ਦਿੱਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਸ਼ਹਿਰਾਂ ਦੀ ਦਿੱਖ ਸੁਧਰੇਗੀ ਸਗੋਂ ਜਾਨ-ਮਾਲ ਦਾ ਨੁਕਸਾਨ ਵੀ ਘਟੇਗਾ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਸਰਕਾਰ ਦੀ ਆਲੋਚਨਾ ਕਰਨ ਲਈ ਕੋਈ ਠੋਸ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਜੋ ਕੰਮ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਨਹੀਂ ਕਰ ਸਕੀਆਂ, ਉਹ ‘ਆਪ’ ਸਰਕਾਰ ਨੇ ਸਵਾ ਚਾਰ ਸਾਲਾਂ ਵਿੱਚ ਕਰ ਦਿਖਾਏ ਹਨ। ਉਨ੍ਹਾਂ ਵਿਅੰਗਮਈ ਅੰਦਾਜ਼ ਵਿੱਚ ਕਿਹਾ ਕਿ ‘ਆਮ ਆਦਮੀ ਪਾਰਟੀ’ ਹਾਲੇ ਸਿਰਫ਼ ਸਵਾ ਚਾਰ ਸਾਲ ਦਾ ਬੱਚਾ ਹੈ, ਜਿਸ ਤੋਂ ਵਿਰੋਧੀ ਘਬਰਾਏ ਹੋਏ ਹਨ। ਜਿਵੇਂ-ਜਿਵੇਂ ਇਹ ਪਾਰਟੀ ਹੋਰ ਮਜ਼ਬੂਤ ਹੋਵੇਗੀ, ਵਿਰੋਧੀਆਂ ਦਾ ਸਿਆਸੀ ਵਜੂਦ ਖ਼ਤਮ ਹੋ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਬਰਿੰਦਰ ਗੋਇਲ, ਡਾ. ਬਲਜੀਤ ਕੌਰ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਜਲਾਲਾਬਾਦ ਨਾਲ ਭਾਵੁਕ ਸਾਂਝ ਦਾ ਜ਼ਿਕਰ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲਾਲਾਬਾਦ ਨਾਲ ਪੁਰਾਣੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ 2017 ਵਿੱਚ ਇੱਥੋਂ ਚੋਣ ਲੜਨ ਵੇਲੇ ਲੋਕਾਂ ਨੇ ਜੋ ਪਿਆਰ ਦਿੱਤਾ ਸੀ, ਉਹ ਉਸ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਸਥਾਨਕ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੋਲਡੀ ਨੇ ਸੁਖਬੀਰ ਸਿੰਘ ਬਾਦਲ ਵਰਗੇ ਵੱਡੇ ਸਿਆਸੀ ਦਰੱਖਤ ਨੂੰ ਜੜ੍ਹੋਂ ਪੁੱਟ ਸੁੱਟਿਆ ਹੈ। ਇਸ ਤੋਂ ਪਹਿਲਾਂ ਵਿਧਾਇਕ ਗੋਲਡੀ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

