ਰਾਜ ਸਭਾ ਵੱਲੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ

ਰਾਜ ਸਭਾ ਵੱਲੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ

ਨਵੀਂ ਦਿੱਲੀ: ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਤੇ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਫੈਸਲਾਕੁਨ ਪਲ ਸੀ, ਜਿਸ ਨੇ ਬਸਤੀਵਾਦੀ ਰਾਜ ਖਿਲਾਫ਼ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤਿੰਨਾਂ ਦੀ ਹਿੰਮਤ ਤੇ ਕੁਰਬਾਨੀ ਲਈ ਅੱਜ ਵੀ ਡੂੰਘਾ ਸਤਿਕਾਰ ਹੈ ਅਤੇ ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਜਮਹੂਰੀ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਣ।

ਇਸ ਦੌਰਾਨ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਵੱਲੋੋਂ ਰਾਜ ਸਭਾ ’ਚ ਪੇਸ਼ ਨਮਿੱਤਣ ਬਿੱਲ ’ਤੇ ਚਰਚਾ ਦੌਰਾਨ ਕਾਂਗਰਸ ਨੇ ਦੋਸ਼ ਲਾਇਆ ਕਿ ਸਰਕਾਰ ਵਧਦੀ ਮਹਿੰਗਾਈ ਤੇ ਰੁਪਏ ਦੀ ਡਿੱਗਦੀ ਕੀਮਤ ਨਾਲ ਸਿੱਝਣ ’ਚ ਨਾਕਾਮ ਰਹੀ ਹੈ। ਰਾਜ ਸਭਾ ਮੈਂਬਰ ਨੀਰਜ ਡਾਂਗੀ ਨੇ ਕੇਂਦਰ ਸਰਕਾਰ ’ਤੇ ਗੈਰ ਭਾਜਪਾ ਸ਼ਾਸਿਤ ਰਾਜਾਂ ਪ੍ਰਤੀ ਪੱਖਪਾਤੀ ਰਵੱਈਆ ਅਖ਼ਤਿਆਰ ਕਰਨ ਦਾ ਦੋਸ਼ ਲਾਇਆ। ਲੋਕ ਸਭਾ ਨੇ ਨਮਿੱਤਣ ਬਿੱਲ ਨੂੰ ਪਿਛਲੇ ਹਫ਼ਤੇ ਮਨਜ਼ੂਰੀ ਦਿੱਤੀ ਸੀ। ਉਧਰ ਲੋਕ ਸਭਾ ਨੇ ਕਾਰਪੋਰੇਟ ਲਾਅਜ਼ (ਸੋਧ) ਬਿੱਲ 2026 ਸਾਂਝੀ ਸੰਸਦੀ ਕਮੇਟੀ ਹਵਾਲੇ (ਜੇ ਪੀ ਸੀ) ਕਰ ਦਿੱਤਾ ਹੈ। ਬਿੱਲ ਜੇ ਪੀ ਸੀ ਨੂੰ ਭੇਜਣ ਸਬੰਧੀ ਸੁਝਾਅ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ, ਜਿਸ ਨੂੰ ਸਦਨ ਨੇ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਬਿੱਲ ਲੋਕ ਸਭਾ ’ਚ ਪੇਸ਼ ਕਰਨ ਮੌਕੇ ਵਿਰੋਧੀ ਧਿਰਾਂ ਨੇ ਇਸ ਵਿਚਲੀਆਂ ਕਈ ਵਿਵਸਥਾਵਾਂ ਦਾ ਵਿਰੋਧ ਕੀਤਾ ਸੀ।

Share: