ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਕੌਮੀ ਸੁਰੱਖਿਆ ਐਕਟ (ਐੱਨ ਐੱਸ ਏ) ਤਹਿਤ ਹੋਈ ਨਜ਼ਰਬੰਦੀ ਵਿਰੁੱਧ ਉਨ੍ਹਾਂ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਵੱਲੋਂ ਦਾਇਰ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਪੀ ਬੀ ਵਰਾਲੇ ਦੇ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਨੇ 14 ਮਾਰਚ ਨੂੰ ਵਾਂਗਚੁਕ ਦੀ ਨਜ਼ਰਬੰਦੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਕੁਝ ਵੀ ਬਾਕੀ ਨਹੀਂ ਰਿਹਾ। ਇਸ ਤੋਂ ਪਹਿਲਾਂ, ਅਦਾਲਤ ਨੇ ਕੇਂਦਰ ਨੂੰ ਪੁੱਛਿਆ ਸੀ ਕਿ ਕੀ ਵਾਂਗਚੁਕ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਨਜ਼ਰਬੰਦੀ ’ਤੇ ਮੁੜ ਵਿਚਾਰ ਕਰਨ ਦੀ ਕੋਈ ਸੰਭਾਵਨਾ ਹੈ। ਕੇਂਦਰ ਨੇ 14 ਮਾਰਚ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਵਾਂਗਚੁਕ ’ਤੇ ਲੱਗੇ ਐੱਨ ਐੱਸ ਏ ਨੂੰ ਤੁਰੰਤ ਪ੍ਰਭਾਵ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਲਗਪਗ ਛੇ ਮਹੀਨਿਆਂ ਬਾਅਦ ਆਇਆ ਹੈ। ਲੇਹ ਵਿੱਚ ਸੂਬੇ ਦਾ ਦਰਜਾ ਅਤੇ ਸੰਵਿਧਾਨ ਦੀ ਛੇਵੀਂ ਸੂਚੀ ਵਿੱਚ ਸ਼ਾਮਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਂਗਚੁਕ ਨੂੰ 26 ਸਤੰਬਰ 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਪ੍ਰਦਰਸ਼ਨਾਂ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 22 ਪੁਲੀਸ ਮੁਲਾਜ਼ਮਾਂ ਸਣੇ 45 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ।

