ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਦੇਸ਼ ਨੂੰ ਉਸ ਮਹਾਨ ਕ੍ਰਾਂਤੀਕਾਰੀ ਵੱਲੋਂ ਮਾਤ੍ਰਭੂਮੀ ਲਈ ਦਿੱਤੀ ਗਈ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਬਿਲਕੁਲ ਵੱਖਰੇ ਹੁੰਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ਨੂੰ ਅਪਣਾਉਣ। ਇਹ ਮੌਕਾ ਸਿਰਫ਼ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੇ ਨਿਡਰ ਵਿਚਾਰਾਂ ਅਤੇ ਅਨਿਆਂ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਨੂੰ ਅੱਗੇ ਵਧਾਉਣ ਲਈ ਹੈ।
ਮੁੱਖ ਮੰਤਰੀ ਨੇ ਕਿਹਾ, “ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ। ਸਮਾਜ ਵਿੱਚ ਮੌਜੂਦ ਬੁਰਾਈਆਂ ਦੇ ਖਿਲਾਫ਼ ਲੜਨਾ ਸਾਡਾ ਨੈਤਿਕ ਫਰਜ਼ ਹੈ।” ਉਨ੍ਹਾਂ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਸਦੀਵੀ ਹੱਲ ਹੈ। ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨ।
ਮੁੱਖ ਮੰਤਰੀ ਭਗਵੰਤ ਮਾਨ ਮਗਰੋਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਗਏ, ਜਿੱਥੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਰਾਸ਼ਟਰੀ ਸ਼ਹੀਦੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਸ਼ੁਰੂਆਤੀ ਵਾਗਡੋਰ ਅਜਿਹੀ ਦਲੇਰ ਅਤੇ ਨੌਜਵਾਨ ਲੀਡਰਸ਼ਿਪ ਦੇ ਹੱਥ ਹੁੰਦੀ ਤਾਂ ਅੱਜ ਭਾਰਤ ਦੀ ਤਸਵੀਰ ਕੁਝ ਹੋਰ ਹੀ ਹੋਣੀ ਸੀ। ਸ਼ਹੀਦ ਰਾਜਗੁਰੂ, ਸੁਖਦੇਵ ਤੇ ਭਗਤ ਸਿੰਘ ਨੂੰ ਸਿਰਫ਼ ਫੁੱਲਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ, ਜਦੋਂ ਕਿ ਦੂਜਿਆਂ ਨੇ ਆਜ਼ਾਦੀ ਦੀ ਵਿਰਾਸਤ ’ਤੇ ਆਪਣਾ ਹੱਕ ਜਤਾਇਆ। ਪੰਜਾਬ ਸਰਕਾਰ ਨੂੰ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸੰਘਰਸ਼ ਕਰਨਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ 1952 ਦੀਆਂ ਪਹਿਲੀਆਂ ਚੋਣਾਂ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਧਾਨ ਮੰਤਰੀ ਬਣਦੇ ਤਾਂ ਦੇਸ਼ ਦਾ ਸਾਰਾ ਨਕਸ਼ਾ ਹੀ ਵੱਖਰਾ ਹੋਣਾ ਸੀ।

