ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਦੀ ਕਾਰ ਅਤੇ ਇੱਕ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ ਆਈ ਨੂੰ ਖਾਸ ਸੂਚਨਾ ਮਿਲੀ ਸੀ ਕਿ ਸ਼ੱਕੀ ਇੰਦਰਜੀਤ ਸਿੰਘ ਅਤੇ ਰਵਿੰਦਰ ਸ਼ਰਮਾ ਹੈਰੋਇਨ ਦੀ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਅੰਮ੍ਰਿਤਸਰ ਤੋਂ ਝਬਾਲ ਰੋਡ, ਅੱਡਾ ਬੋਹੜੂ ਦੇ ਨਜਦੀਕ ਸਥਿਤ ਖੇਤਰ ਵਿੱਚ ਦਰਿਆ ਦੇ ਨਾਲ ਲੱਗਦੇ ਰਸਤੇ ’ਤੇ ਆ ਰਹੇ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ।