ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਮੀਂਹ ਦੇ ਆਸਾਰ

ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਮੀਂਹ ਦੇ ਆਸਾਰ

ਚੰਡੀਗਡ਼੍ਹ: ਪੰਜਾਬ ਵਿੱਚ ਮਾਰਚ ਮਹੀਨੇ ਦੇ ਆਖਰੀ ਦਿਨਾਂ ਵਿੱਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ’ਤੇ ਹਮਲਾ ਤੇ ਦਰਮਿਆਨਾ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਫਿਕਰ ਵਧ ਗਏ ਹਨ ਜਿਨ੍ਹਾਂ ਦੀ ਕਣਕ ਦੀ ਫ਼ਸਲ ਪੱਕਣ ਦੇ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ। ਅਜਿਹੇ ਵਿੱਚ ਮੀਂਹ ਪੈਣ ਕਰ ਕੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ।

ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ 27 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ ਜਦੋਂ ਕਿ ਕਿਤੇ-ਕਿਤੇ ਕਿਣ-ਮਿਣ ਹੋ ਸਕਦੀ ਹੈ। ਇਸ ਤੋਂ ਬਾਅਦ 28, 29 ਤੇ 30 ਮਾਰਚ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪਵੇਗਾ। ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਗਿਆਨੀਆਂ ਨੇ 28 ਤੋਂ 30 ਮਾਰਚ ਨੂੰ ਤਿੰਨ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਅਨੁਸਾਰ ਅੱਜ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ ਜਿੱਥੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ, ਚੰਡੀਗੜ੍ਹ ਵਿੱਚ 32.4 ਡਿਗਰੀ, ਅੰਮ੍ਰਿਤਸਰ ਵਿੱਚ 28.5 ਡਿਗਰੀ, ਲੁਧਿਆਣਾ ਵਿੱਚ 33.6 ਡਿਗਰੀ, ਗੁਰਦਾਸਪੁਰ ਵਿੱਚ 30 ਡਿਗਰੀ, ਨਵਾਂ ਸ਼ਹਿਰ ਵਿੱਚ 29.8 ਡਿਗਰੀ, ਬਠਿੰਡਾ ਵਿੱਚ 32.3 ਡਿਗਰੀ, ਫਾਜ਼ਿਲਕਾ ਵਿੱਚ 28.9 ਡਿਗਰੀ, ਫਿਰੋਜ਼ਪੁਰ ਵਿੱਚ 30.3 ਡਿਗਰੀ, ਹੁਸ਼ਿਆਰਪੁਰ ਵਿੱਚ 29.5 ਡਿਗਰੀ, ਮੁਹਾਲੀ ਵਿੱਚ 32.1 ਡਿਗਰੀ, ਪਠਾਨਕੋਟ ਵਿੱਚ 31.2 ਡਿਗਰੀ, ਰੂਪਨਗਰ ਵਿੱਚ 32.6 ਡਿਗਰੀ ਅਤੇ ਫਰੀਦਕੋਟ ਵਿੱਚ 33.9 ਡਿਗਰੀ ਸੈੱਲਸੀਅਸ ਤਾਪਮਾਨ ਦਰਜ ਕੀਤਾ।

Share: