ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿੱਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਐੱਨ ਐੱਚ ਏ ਆਈ ਦੇ ਸੜਕੀ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ’ਤੇ ਕੋਈ ਪਾਬੰਦੀ ਨਹੀਂ ਹੈ। ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਬਾਸਤਿਕਾਰ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ। ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਝਾਰਖੰਡ ’ਚ ਸਥਿਤ ਪਛਵਾੜਾ ਕੇਂਦਰੀ ਕੋਲਾ ਖਾਣ ਦੇ ਸੰਚਾਲਨ ਤੇ ਸਾਂਭ-ਸੰਭਾਲ ਲਈ ਠੇਕੇ ਦੇ ਆਧਾਰ ’ਤੇ ਕਿਰਤ ਸ਼ਕਤੀ ਅਤੇ ਸਹਾਇਕ ਸਟਾਫ਼ ਨਿਯੁਕਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ ਐੱਮ ਡੀ) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਤੇ ਤਜਰਬੇ ਸਬੰਧੀ ਸ਼ਰਤਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਵਿੱਚ ਵੱਖ-ਵੱਖ ਹਾਈਵੇਅ ਪ੍ਰਾਜੈਕਟਾਂ ਦੀ ਉਸਾਰੀ ਲਈ ਕੌਮੀ ਮਾਰਗ ਅਥਾਰਟੀ (ਐੱਨ ਐੱਚ ਏ ਆਈ) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਸੂਬੇ ਵਿੱਚੋਂ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਮੁੱਖ ਦਰਿਆਵਾਂ ਵਿੱਚੋਂ ਖੁਦਾਈ ਕੀਤੀ ਜਾਵੇਗੀ।
ਉਦਯੋਗਿਕ ਪਲਾਟਾਂ ਨੂੰ ਫਰੀ-ਹੋਲਡ ’ਚ ਬਦਲਣ ਦੀ ਨੀਤੀ ’ਚ ਸੋਧ ਨੂੰ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਵੱਲੋਂ ਲੀਜ਼-ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫਰੀ-ਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਸਹਿਮਤੀ ਦੇ ਦਿੱਤੀ ਗਈ ਹੈ। ਸੋਧਾਂ ਮੁਤਾਬਕ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਕੋਲ ਗਿਰਵੀ ਰੱਖੇ ਗਏ ਉਦਯੋਗਿਕ ਪਲਾਟ ਫਰੀ-ਹੋਲਡ ਵਿੱਚ ਬਦਲੇ ਜਾ ਸਕਦੇ ਹਨ, ਬਸ਼ਰਤੇ ਸਬੰਧਤ ਬੈਂਕ ਵੱਲੋਂ ਪ੍ਰਾਪਤ ‘ਨੋ ਆਬਜੈਕਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਇਆ ਗਿਆ ਹੋਵੇ ਅਤੇ ਤੈਅ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਗਈ ਹੋਵੇ। ਪੰਜਾਬ ਕਾਮਨ ਇਨਫਰਾਸਟ੍ਰੱਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ 2026 ਨੂੰ ਪੇਸ਼ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਉਦਯੋਗਿਕ ਖੇਤਰਾਂ ਵਿੱਚ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਸੁਰੱਖਿਆ, ਡਰੇਨੇਜ ਪ੍ਰਣਾਲੀਆਂ ਅਤੇ ਹੋਰ ਸਾਂਝੀਆਂ ਸਹੂਲਤਾਂ ਵਰਗੇ ਸਾਂਝੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਸੇਵਾ ਖ਼ਰਚੇ ਵਸੂਲਣ ਤੇ ਇਨ੍ਹਾਂ ਦੀ ਵਰਤੋਂ ਲਈ ਸੁਚਾਰੂ ਪ੍ਰਣਾਲੀ ਵੀ ਵਿਕਸਤ ਕੀਤੀ ਜਾਵੇਗੀ।

