ਬੇਅਦਬੀ ਵਿਰੋਧੀ ਕਾਨੂੰਨ: ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ

ਬੇਅਦਬੀ ਵਿਰੋਧੀ ਕਾਨੂੰਨ: ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ

ਚੰਡੀਗਡ਼੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪਰੈਲ ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਜਿਸ ਉੱਤੇ ਸਾਂਝੀ ਪੰਥਕ ਰਾਏ ਜ਼ਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ 6 ਅਪਰੈਲ ਨੂੰ ਸਾਂਝੀ ਇਕੱਤਰਤਾ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਾਰੇ ਪੰਜਾਬ ਸਰਕਾਰ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਇਸੇ ਦੇ ਮੱਦੇਨਜ਼ਰ ਕੌਮੀ ਰਾਏ ਬਣਾਉਨ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।

Share: