ਸ਼੍ਰੋਮਣੀ ਕਮੇਟੀ ਦੇ ਦੋ ਹੋਰ ਕਰਮਚਾਰੀ ਮੁਅੱਤਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਸਸਤੇ ਭਾਅ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਦੋ ਹੋਰ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਗੁਰਦੁਆਰਾ ਕਮੇਟੀ ਨੇ ਗੁਰਮੇਜ ਸਿੰਘ ਅਤੇ ਜਤਿੰਦਰ ਸਿੰਘ ਖਿਲਾਫ਼ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਹੁਣ ਤੱਕ ਇਸ ਮਾਮਲੇ ਵਿੱਚ 4 ਕਰਮਚਾਰੀ ਮੁਅੱਤਲ ਕੀਤੇ ਜਾ ਚੁੱਕੇ ਹਨ। ਤਾਜ਼ਾ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਹ ਕਾਰਵਾਈ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੀ ਸਿਫਾਰਸ਼ ’ਤੇ ਕੀਤੀ ਗਈ ਹੈ। ਕਮੇਟੀ ਦੀ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸੇ ਮਾਮਲੇ ਵਿੱਚ ਪਹਿਲਾਂ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ ਅਤੇ ਉਸ ਦੇ ਖਿਲਾਫ਼ ਕੇਸ ਵੀ ਦਰਜ ਕਰਵਾਇਆ ਗਿਆ ਸੀ। ਜਾਂਚ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਲਗਾਤਾਰ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ’ਤੇ ਇਨ੍ਹਾਂ ਦੋਵਾਂ ਕਰਮਚਾਰੀਆਂ ਖਿਲਾਫ਼ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਸੀ। ਕਮੇਟੀ ਵੱਲੋਂ ਇਸ ਮਾਮਲੇ ਵਿੱਚ ਅਗਲੇ ਕੁਝ ਦਿਨਾਂ ਵਿੱਚ ਜਾਂਚ ਨੂੰ ਮੁਕੰਮਲ ਕਰ ਕੇ ਇਸ ਦੀ ਸਮੁੱਚੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪ ਦਿੱਤੀ ਜਾਵੇਗੀ।

Share: