ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਚੁੱਕਣ ਵਾਲੇ ਦੀ ਕੁੱਟਮਾਰ; ਕਾਰਵਾਈ ਨਾ ਹੋਣ ‘ਤੇ ਰੋਸ ਪ੍ਰਦਰਸ਼ਨ

ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਚੁੱਕਣ ਵਾਲੇ ਦੀ ਕੁੱਟਮਾਰ; ਕਾਰਵਾਈ ਨਾ ਹੋਣ ‘ਤੇ ਰੋਸ ਪ੍ਰਦਰਸ਼ਨ

ਅਬੋਹਰ: ਅਬੋਹਰ ਦੀ ਕ੍ਰਿਸ਼ਨਾ ਨਗਰੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਚੁੱਕਣ ਕਰਨ ਵਾਲੇ ਇੱਕ ਸਥਾਨਕ ਵਾਸੀ ਦਾਰਾ ਗਰੋਵਰ ‘ਤੇ ਸ਼ਨਿੱਚਰਵਾਰ ਰਾਤ ਨੂੰ ਦੋ ਵਿਅਕਤੀਆਂ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ ਸੀ ਪਰ ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਐਤਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ।

ਵਸਨੀਕਾਂ ਨੇ ਦੱਸਿਆ ਕਿ ਗਰੋਵਰ ਨੇ ਕੁਝ ਦਿਨ ਪਹਿਲਾਂ ਇਲਾਕੇ ਵਿੱਚ ਕਥਿਤ ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ਼ਨਿੱਚਰਵਾਰ ਦੇਰ ਰਾਤ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਇੱਟਾਂ-ਪੱਥਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ। ਕੌਂਸਲਰ ਵਿਨੈ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਗਰੋਵਰ ਨੂੰ ਬਚਾਇਆ। ਇਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਸ ਵੇਲੇ ਉਸ ਦਾ ਇਲਾਜ ਚੱਲ ਰਿਹਾ ਹੈ। ਪ੍ਰਦਰਸ਼ਨ ਦੌਰਾਨ ਰੋਹ ਵਿੱਚ ਆਏ ਲੋਕਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।

ਇੰਦਰਾ ਨਗਰੀ ਵਿੱਚ ਵਾਪਰੀ ਇੱਕ ਹੋਰ ਘਟਨਾ ਬਾਰੇ ਕੌਂਸਲਰ ਪੁਨੀਤ ਅਰੋੜਾ ਸੋਨੂ ਨੇ ਦੱਸਿਆ ਕਿ ਲੰਘੇ ਵੀਰਵਾਰ ਰਾਤ ਨੂੰ ਕੁਝ ਸ਼ੱਕੀ ਨਸ਼ਾ ਤਸਕਰਾਂ ਨੇ ਨਸ਼ਾ ਤਸਕਰੀ ਦਾ ਵਿਰੋਧ ਕਰਨ ‘ਤੇ ਇੱਕ ਪਰਿਵਾਰ ‘ਤੇ ਇੱਟਾਂ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ ਘਰ ‘ਤੇ ਪੱਥਰਬਾਜ਼ੀ ਕੀਤੀ।

ਉਨ੍ਹਾਂ ਦੱਸਿਆ ਕਿ ਗਲੀ ਨੰਬਰ-6 ਵਿੱਚ ਰਾਮ ਪਾਲ ਦੇ ਘਰ ਦੇ ਬਾਹਰ ਨਸ਼ਾ ਤਸਕਰ ਕਥਿਤ ਤੌਰ ‘ਤੇ ਚਿੱਟਾ ਵੇਚਦੇ ਦੇਖੇ ਗਏ ਸਨ। ਜਦੋਂ ਘਰ ਦੇ ਜੀਆਂ ਨੇ ਉਨ੍ਹਾਂ ਨੂੰ ਉੱਥੋਂ ਜਾਣ ਲਈ ਕਿਹਾ, ਤਾਂ ਸ਼ੱਕੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਰਾਮ ਪਾਲ ਅਤੇ ਉਸ ਦਾ ਭਤੀਜਾ ਦੀਪਾਂਸ਼ੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਦੋਂ ਰਾਮ ਪਾਲ ਦੀ ਪਤਨੀ ਪ੍ਰੀਤੀ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਵਾਲ ਪੁੱਟੇ ਗਏ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਰਾਮ ਪਾਲ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਲੋਕਾਂ ਨੇ ਨਸ਼ਿਆਂ ਦੀ ਵਿਕਰੀ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ ਸੀ ਪਰ ਕੋਈ ਕੇਸ ਦਰਜ ਨਹੀਂ ਹੋਇਆ।

ਥਾਣਾ ਮੁਖੀ ਮਨਵਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਤੋਂ ਮੈਡੀਕਲ ਰਿਪੋਰਟ ਮਿਲ ਗਈ ਹੈ ਅਤੇ ਸ਼ਿਕਾਇਤ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Share: