ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵਾਂਗੇ: Bhagwant Mannਮਾਨ

ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵਾਂਗੇ: Bhagwant Mannਮਾਨ

ਜੈਤੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਵਿੱਚ ‘ਆਪ’ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਗਰੀਬੀ ਅਤੇ ਦਿਨੋ-ਦਿਨ ਵਧ ਰਹੀਆਂ ਮੁਸ਼ਕਿਲਾਂ ਲਈ ਕੇਂਦਰ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ।

ਰੈਲੀ ਦੀ ਸ਼ੁਰੂਆਤ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਜੈਤੋ ‘ਕਮਿਊਨਟੀ ਹੈਲਥ ਸੈਂਟਰ’ ਨੂੰ ਅੱਪਗਰੇਡ ਕਰ ਕੇ ਸਿਵਲ ਹਸਪਤਾਲ ਦਾ ਦਰਜਾ ਦੇਣ ਸਮੇਤ 28.68 ਕਰੋੜ ਦੇ ਪ੍ਰਾਜੈਕਟ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਹੋ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫ਼ਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ’ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ’ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ।

ਕੌਮੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਗਵਾਈ ਇੱਕ ਅਜਿਹੇ ਲੋਕ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਸਪੱਸ਼ਟ ਦਿਖ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅੱਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।

‘ਆਪ’ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਭਾਸ਼ਣ ’ਚ ਕਿਹਾ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਮਾਨ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਜਗਦੀਪ ਸਿੰਘ ਕਾਕਾ ਬਰਾੜ, ਬਲਕਾਰ ਸਿੱਧੂ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਮੌਜੂਦ ਸਨ।

ਕਾਂਗਰਸ ਦਾ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ: ਮਾਨ

ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਾਂਗਰਸ ਇੱਕ ਦੋਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ।

Share: