ਫ਼ਸਲ ਖ਼ਰਾਬੇ ਦੇ ਜਾਇਜ਼ੇ ਲਈ ਕੇਂਦਰ ਟੀਮ ਭੇਜੇ: ਮੁੱਖ ਮੰਤਰੀ

ਫ਼ਸਲ ਖ਼ਰਾਬੇ ਦੇ ਜਾਇਜ਼ੇ ਲਈ ਕੇਂਦਰ ਟੀਮ ਭੇਜੇ: ਮੁੱਖ ਮੰਤਰੀ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ’ਚ ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਪੰਜਾਬ ’ਚ ਹੋਏ ਫ਼ਸਲੀ ਖ਼ਰਾਬੇ ਅਤੇ ਅਨਾਜ ਭੰਡਾਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ’ਚ ਲੰਘੇ ਦੋ ਹਫ਼ਤਿਆਂ ਦੌਰਾਨ ਮੀਂਹ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੇ ਜਾਇਜ਼ੇ ਲਈ ਕੇਂਦਰੀ ਟੀਮ ਭੇਜੀ ਜਾਵੇ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਤੋਂ ਪੰਜਾਬ ਦੇ ਲਟਕਦੇ ਪਏ ਦਿਹਾਤੀ ਵਿਕਾਸ ਫੰਡਾਂ ਨੂੰ ਰਿਲੀਜ਼ ਕਰਨ ਲਈ ਕਿਹਾ ਅਤੇ ਇਹ ਵੀ ਪੇਸ਼ਕਸ਼ ਕੀਤੀ ਕਿ ਜੇ ਕੇਂਦਰ ਇਹ ਫੰਡ ਜਾਰੀ ਕਰਦਾ ਹੈ ਤਾਂ ਉਹ ਸੁਪਰੀਮ ਕੋਰਟ ’ਚ ਇਸ ਬਾਰੇ ਦਾਇਰ ਪਟੀਸ਼ਨ ਵਾਪਸ ਲੈ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿਹਾਤੀ ਵਿਕਾਸ ਫੰਡ ਦੀ ਬਕਾਇਆ ਰਕਮ ਕਿਸ਼ਤਾਂ ’ਚ ਵੀ ਦੇ ਸਕਦੀ ਹੈ।

ਮੀਟਿੰਗ ਮਗਰੋਂ ਮੁੱਖ ਮੰਤਰੀ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਹੈ। ਪਿਛਲੇ ਸਾਲ ਦੇ 38 ਲੱਖ ਮੀਟ੍ਰਿਕ ਟਨ ਕਣਕ ਦੇ ਭੰਡਾਰ ਵਿੱਚੋਂ ਕਰੀਬ 8.71 ਲੱਖ ਮੀਟ੍ਰਿਕ ਟਨ ਭੰਡਾਰ ਪਹਿਲਾਂ ਹੀ ਰਾਜ ਵਿੱਚ ਸੀ ਏ ਪੀ ਜਾਂ ਖੁੱਲ੍ਹੀ ਸਟੋਰੇਜ ’ਚ ਪਿਆ ਹੈ ਅਤੇ ਲਗਪਗ 40 ਲੱਖ ਮੀਟ੍ਰਿਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ। ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਚੁਕਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਪੰਜਾਬ ’ਤੇ ਵਿੱਤੀ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ ਲਈ ਕੇਂਦਰੀ ਦਖ਼ਲ ਦੀ ਮੰਗ ਕੀਤੀ। ਮੁੱਖ ਮੁੱਦਿਆਂ ’ਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲਟਕਦੇ 9,000 ਕਰੋੜ ਰੁਪਏ, ਗੜੇਮਾਰੀ ਕਾਰਨ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਸਨ। ਮੁੱਖ ਮੰਤਰੀ ਨੇ ਇਹ ਮੁੱਦਾ ਵੀ ਚੁੱਕਿਆ ਕਿ ਖ਼ਰੀਦ ਫੰਡਾਂ ਦੇ ਪ੍ਰਬੰਧ ਤਹਿਤ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖ਼ੁਰਾਕ ਨਿਗਮ ’ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫ਼ੀਸਦੀ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ ’ਤੇ ਵਿਆਜ ਲਗਾ ਰਿਹਾ ਹੈ ਜਿਸ ਨਾਲ ਸੂਬੇ ’ਤੇ ਹਰ ਸੀਜ਼ਨ ’ਚ 500 ਕਰੋੜ ਦਾ ਵਾਧੂ ਬੋਝ ਪੈਂਦਾ ਹੈ। ਉਨ੍ਹਾਂ ਆੜ੍ਹਤੀਆਂ ਦੀ ਢਾਈ ਫ਼ੀਸਦੀ ਆੜ੍ਹਤ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਰਤੀ ਖ਼ੁਰਾਕ ਨਿਗਮ ਈ ਪੀ ਐੱਫ ਨਾਲ ਸਬੰਧਤ ਮੁੱਦਿਆਂ ਕਾਰਨ ਹਰ ਸੀਜ਼ਨ ਵਿੱਚ ਖ਼ਰੀਦੀਆਂ ਜਾਂਦੀਆਂ ਫ਼ਸਲਾਂ ਲਈ ਭੁਗਤਾਨ ਕੀਤੇ ਜਾਣ ਵਾਲੇ ਮੰਡੀ ਲੇਬਰ ਚਾਰਜ ਦਾ 30 ਫ਼ੀਸਦੀ ਆਪਣੇ ਕੋਲ ਰੱਖ ਰਿਹਾ ਹੈ। ਇਸ ਦੇ ਨਤੀਜੇ ਵਜੋਂ ਆੜ੍ਹਤੀਆਂ ਨਾਲ ਸਬੰਧਤ ਕਰੀਬ 50 ਕਰੋੜ ਰੁਪਏ ਦੀ ਰਾਸ਼ੀ ਐੱਫ ਸੀ ਆਈ ਕੋਲ ਪਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਹੋਰ ਵਧ ਗਿਆ ਹੈ।ਅੱਜ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਮਗਰੋਂ ਐਕਸ ’ਤੇ ਪੋਸਟ ਸਾਂਝੀ ਕਰ ਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਅਨਾਜ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਮਹੀਨਾਵਾਰ ਅਨਾਜ ਦੀ ਮੂਵਮੈਂਟ ਵਧਾਉਣ ਬਾਰੇ ਚਰਚਾ ਹੋਈ ਹੈ।

2.49 ਲੱਖ ਹੈਕਟੇਅਰ ਫ਼ਸਲਾਂ ਨੁਕਸਾਨੀਆਂ: ਚੌਹਾਨ

ਭੋਪਾਲ: ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਹੁਣ ਤੱਕ 2.49 ਲੱਖ ਹੈਕਟੇਅਰ ’ਚ ਖੜ੍ਹੀਆਂ ਹਾੜ੍ਹੀ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਨ੍ਹਾਂ ’ਚੋਂ ਸਭ ਤੋਂ ਵੱਧ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਸ੍ਰੀ ਚੌਹਾਨ ਨੇ ਕਿਹਾ ਕਿ ਵਿਗੜੇ ਮੌਸਮ ਤੇ ਗੜੇਮਾਰੀ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਤਿੰਨ ਵਿਭਾਗ ਸਰਵੇਖਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨੂੰ ਵੀ ਤੁਰੰਤ ਨੁਕਸਾਨ ਦੀ ਗਿਰਦਾਵਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ, ‘‘ਮੋਦੀ ਸਰਕਾਰ ਇਸ ਸੰਕਟ ’ਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ।’’

Share: