ਦਮਦਮਾ ਸਾਹਿਬ: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ ’ਤੇ ਆਰੰਭ ਹੋ ਗਿਆ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕਰ ਕੇ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਮੱਥਾ ਟੇਕਿਆ। ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਆਰੰਭਤਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਮੌਜੂਦ ਤਖ਼ਤ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਇਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦੇ ਅਣਖੀਲੇ ਇਤਿਹਾਸ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ 14 ਅਪਰੈਲ ਨੂੰ ਮੁੱਖ ਸਮਾਗਮ ਹੋਣਗੇ ਜਿਨ੍ਹਾਂ ’ਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪ੍ਰਸਿੱਧ ਕਥਾਵਾਚਕ ਕਥਾ ਵਿਚਾਰਾਂ ਰਾਹੀਂ ਤੇ ਢਾਡੀ ਅਤੇ ਕਵੀਸ਼ਰੀ ਜਥੇ ਵੀਰ ਰਸ ਵਾਰਾਂ ਨਾਲ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਅੱਜ ਪਹਿਲੇ ਦਿਨ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਤਖ਼ਤ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਢਾਡੀ ਦਰਬਾਰ ਵੀ ਸਜਾਇਆ ਗਿਆ ਜਿਸ ਵਿੱਚ ਪ੍ਰਸਿੱਧ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਖਾਲਸਾ ਸਾਜਨਾ ਦੇ ਸਮੁੱਚੇ ਬਿਰਤਾਂਤ ਨਾਲ ਜੋੜਿਆ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਆਰੰਭਤਾ ਸਮਾਗਮਾਂ ’ਚ ਅੱਜ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੋਹਣ ਸਿੰਘ ਬੰਗੀ ਤੇ ਗੁਰਮੀਤ ਸਿੰਘ ਬੂਹ, ਮੈਨੇਜਰ ਨਰਿੰਦਰਜੀਤ ਸਿੰਘ, ਭੋਲਾ ਸਿੰਘ, ਗੁਰਜੰਟ ਸਿੰਘ ਵਧੀਕ ਹੈੱਡ ਗ੍ਰੰਥੀ, ਪ੍ਰਿੰਸੀਪਲ ਰਵਿੰਦਰ ਸਿੰਘ ਖਾਲਸਾ, ਭਾਈ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਭਾਈ ਆਲਮ ਸਿੰਘ ਕਥਾਵਾਚਕ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਮੌਜੂਦ ਸਨ। ਤਖ਼ਤ ਸਾਹਿਬ ਵਿੱਚ ਕੀਤੀ ਗਈ ਸੁੰਦਰ ਦੀਪਮਾਲਾ ਨੇ ਸ਼ਾਮ ਸਮੇਂ ਅਲੌਕਿਕ ਦਿੱਖ ਪੇਸ਼ ਕੀਤੀ।
Posted inBathinda
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਵਿਸਾਖੀ ਜੋੜ ਮੇਲ ਸ਼ੁਰੂ

