ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਆਜ਼ਾਦਪੁਰ ਮੰਡੀ, ਗੁਪਤਾ ਮਾਰਕੀਟ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ ਐੱਮ ਆਰ ਸੀ) ਅਤੇ ਲੋਕ ਨਿਰਮਾਣ ਵਿਭਾਗ (ਪੀ ਡਬਲਯੂ ਡੀ) ਵੱਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੌਰਾਨ ਆਮ ਲੋਕਾਂ ਦੀ ਆਵਾਜਾਈ ਅਤੇ ਨਾਗਰਿਕ ਸਹੂਲਤਾਂ ਵਿੱਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ।
ਨਿਰੀਖਣ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਹਰ ਪ੍ਰਾਜੈਕਟ ਨੂੰ ਪੂਰੀ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੰਬੇ ਸਮੇਂ ਤੋਂ ਅਣਗੌਲੇ ਇਲਾਕਿਆਂ ਦਾ ਵਿਕਾਸ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਕੂੜੇ ਦੀ ਨਿਕਾਸੀ ਦੀ ਮੌਜੂਦਾ ਸਥਿਤੀ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਨਾਗਰਿਕ ਪ੍ਰਬੰਧਨ ਸੁਧਾਰਨ ਲਈ ਸਖ਼ਤ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜਧਾਨੀ ਲਈ ਇੱਕ ਅਹਿਮ ਨੀਤੀਗਤ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ‘ਦਿੱਲੀ ਸੈਮੀਕੰਡਕਟਰ ਨੀਤੀ’ ਦਾ ਖਰੜਾ ਤਿਆਰ ਕਰ ਰਹੀ ਹੈ। ਇਸ ਨੀਤੀ ਦਾ ਮੁੱਖ ਉਦੇਸ਼ ਦਿੱਲੀ ਨੂੰ ਸੈਮੀਕੰਡਕਟਰ ਡਿਜ਼ਾਈਨ, ਉੱਨਤ ਖੋਜ, ਵਿਕਾਸ ਅਤੇ ਅਸੈਂਬਲੀ ਵਰਗੀਆਂ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਬਣਾਉਣਾ ਹੈ। ਰੇਖਾ ਗੁਪਤਾ ਨੇ ਕਿਹਾ ਕਿ ਮੌਜੂਦਾ ਵਿਸ਼ਵ ਅਰਥਵਿਵਸਥਾ ਵਿੱਚ ਸੈਮੀਕੰਡਕਟਰ ਖੇਤਰ ਇੱਕ ਅਹਿਮ ਥੰਮ੍ਹ ਬਣ ਚੁੱਕਾ ਹੈ ਅਤੇ ਦਿੱਲੀ ਇਸ ਤਕਨਾਲੋਜੀ ਖੇਤਰ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਉਣ ਲਈ ਤਿਆਰ ਹੈ।

