ਮਿਰਜ਼ਾਪੁਰ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਸੜਕ ਹਾਦਸੇ ਵਿਚ 11 ਜਣੇ ਹਲਾਕ ਹੋ ਗਏ ਜਿਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। ਪੁਲੀਸ ਅਨੁਸਾਰ ਇਹ ਹਾਦਸਾ ਇੱਕ ਟਰੱਕ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ, ਜਿਸ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮਿਰਜ਼ਾਪੁਰ ਦੀ ਪੁਲੀਸ ਸੁਪਰਡੈਂਟ ਅਪਰਨਾ ਰਜਤ ਕੌਸ਼ਿਕ ਨੇ ਦੱਸਿਆ ਕਿ ਇਹ ਟੱਕਰ ਡਰਾਮੰਡਗੰਜ ਘਾਟੀ ਤੋਂ ਹੇਠਾਂ ਉਤਰਦੇ ਸਮੇਂ ਲਾਸੋਡਾ ਇਲਾਕੇ ਵਿੱਚ ਹੋਈ।
ਮੁੱਢਲੀ ਜਾਂਚ ਮੁਤਾਬਕ ਪਹਾੜੀ ਤੋਂ ਹੇਠਾਂ ਆ ਰਹੇ ਇੱਕ ਟਰੱਕ ਦੀ ਬਰੇਕ ਫੇਲ੍ਹ ਹੋ ਗਈ ਜਿਸ ਕਾਰਨ ਉਹ ਅੱਗੇ ਜਾ ਰਹੇ ਦੂਜੇ ਟਰੱਕ ਨਾਲ ਜਾ ਟਕਰਾਇਆ। ਇਨ੍ਹਾਂ ਦੋਵਾਂ ਟਰੱਕਾਂ ਦੀ ਲਪੇਟ ਵਿਚ ਇੱਕ ਕਾਰ ਆ ਗਈ। ਇਸ ਕਾਰਨ ਹੋਰ ਵਾਹਨ ਵੀ ਨੁਕਸਾਨੇ ਗਏ ਅਤੇ ਕਈ ਵਾਹਨਾਂ ਨੂੰ ਅੱਗ ਲੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਪੁਲੀਸ ਨੂੰ ਲੋਕਾਂ ਨੂੰ ਬਾਹਰ ਕੱਢਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਇਸ ਹਾਦਸੇ ਵਿਚ ਬਿਹਾਰ, ਮੱਧ ਪ੍ਰਦੇਸ਼, ਸੋਨਭੱਦਰ ਅਤੇ ਮਿਰਜ਼ਾਪੁਰ ਵਾਸੀ ਜ਼ਖ਼ਮੀ ਹੋ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਵਾਪਰੇ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ 11 ਲੋਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ’ (PMNRF) ਵਿੱਚੋਂ 2-2 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਇਸ ਘਟਨਾ ਨੂੰ ਬਹੁਤ ਦੁਖਦਾਈ ਦੱਸਦਿਆਂ ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ। ਹਾਦਸੇ ਤੋਂ ਤੁਰੰਤ ਬਾਅਦ ਪੁਲੀਸ ਫੋਰਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ। ਹਾਲਾਂਕਿ, ਗੱਡੀਆਂ ਨੂੰ ਲੱਗੀ ਭਿਆਨਕ ਅੱਗ ਕਾਰਨ ਬਚਾਅ ਕਾਰਜਾਂ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮਿਰਜ਼ਾਪੁਰ ਪੁਲੀਸ ਮੁਤਾਬਕ ਇਹ ਹਾਦਸਾ ਬੁੱਧਵਾਰ ਰਾਤ 8:30 ਵਜੇ ਡਰਾਮੰਡਗੰਜ ਇਲਾਕੇ ਵਿੱਚ ਵਾਪਰਿਆ। ਇੱਕ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਉਹ ਬੇਕਾਬੂ ਹੋ ਗਿਆ ਅਤੇ ਉਸ ਨੇ ਇੱਕ ਬੋਲੈਰੋ ਅਤੇ ਸਵਿਫਟ ਡਿਜ਼ਾਇਰ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰਾਂ ਨੂੰ ਅੱਗ ਲੱਗ ਗਈ ਅਤੇ ਇੱਕੋ ਪਰਿਵਾਰ ਦੇ ਕਈ ਜੀਅ ਇਸ ਦੀ ਲਪੇਟ ਵਿੱਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਇੱਕ ਬੱਚੇ ਦੇ ਮੁੰਡਨ ਸੰਸਕਾਰ ਤੋਂ ਵਾਪਸ ਆ ਰਿਹਾ ਸੀ।
ਜ਼ਿਲ੍ਹਾ ਮੈਜਿਸਟਰੇਟ ਪਵਨ ਗੰਗਵਾਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚੋਂ 7 ਲੋਕ ਮਿਰਜ਼ਾਪੁਰ ਜ਼ਿਲ੍ਹੇ ਦੇ, 3 ਮੱਧ ਪ੍ਰਦੇਸ਼ ਦੇ ਅਤੇ 1 ਸੋਨਭੱਦਰ ਦਾ ਰਹਿਣ ਵਾਲਾ ਸੀ। ਮਿਰਜ਼ਾਪੁਰ ਦੇ ਮ੍ਰਿਤਕਾਂ ਵਿੱਚ 8 ਸਾਲ ਦੇ ਬੱਚੇ ਤੋਂ ਲੈ ਕੇ 47 ਸਾਲ ਤੱਕ ਦੇ ਵਿਅਕਤੀ ਸ਼ਾਮਲ ਹਨ। ਪੁਲੀਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਮੌਕੇ ‘ਤੇ ਪੁਲੀਸ ਤਾਇਨਾਤ ਹੈ ਅਤੇ ਆਵਾਜਾਈ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
