AAP: ਬਾਗ਼ੀ ਸੰਸਦ ਮੈਂਬਰਾਂ ਖ਼ਿਲਾਫ਼ ਰੋਸ ਮੁਜ਼ਾਹਰੇ

AAP: ਬਾਗ਼ੀ ਸੰਸਦ ਮੈਂਬਰਾਂ ਖ਼ਿਲਾਫ਼ ਰੋਸ ਮੁਜ਼ਾਹਰੇ

ਚੰਡੀਗਡ਼੍ਹ: ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਤੋਂ ਬਾਗ਼ੀ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੱਤ ਰਾਜ ਸਭਾ ਮੈਂਬਰਾਂ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ‘ਆਪ’ ਵਰਕਰਾਂ ਨੇ ਬਾਗ਼ੀ ਸੰਸਦ ਮੈਂਬਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਦੇ ਪੁਤਲੇ ਸਾੜੇ। ਇਨ੍ਹਾਂ ਸੰਸਦ ਮੈਂਬਰਾਂ ਦੇ ਘਰਾਂ ਦੀਆਂ ਦੀਵਾਰਾਂ ’ਤੇ ‘ਗੱਦਾਰ’ ਲਿਖ ਦਿੱਤਾ ਅਤੇ ਦਲ ਬਦਲੂਆਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ ਕੀਤੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੰਸਦ ਮੈਂਬਰਾਂ ਦਾ ਮੁੱਖ ਕੰਮ ਰਾਜ ਸਭਾ ਵਿੱਚ ਸੂਬੇ ਦੀ ਆਵਾਜ਼ ਬਣਨਾ ਹੁੰਦਾ ਹੈ, ਪਰ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਭਾਜਪਾ ਨਾਲ ਜਾ ਮਿਲੇ। ਇਹ ਸ਼ਰਮਨਾਕ ਕਾਰਾ ਤਿੰਨ ਕਰੋੜ ਪੰਜਾਬੀਆਂ ਨਾਲ ਦਗ਼ਾ ਹੈ। ਭਾਜਪਾ ਨੇ ‘ਆਪ੍ਰੇਸ਼ਨ ਲੋਟਸ’ ਤਹਿਤ ਈ ਡੀ ਅਤੇ ਸੀ ਬੀ ਆਈ ਦਾ ਡਰਾਵਾ ਦੇ ਕੇ ਇਨ੍ਹਾਂ ਆਗੂਆਂ ਨੂੰ ਜ਼ਬਰਦਸਤੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸੰਸਦ ਮੈਂਬਰ ‘ਆਪ’ ਵਿਧਾਇਕਾਂ ਦੇ ਸਹਿਯੋਗ ਨਾਲ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਸਨ। ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਉਨ੍ਹਾਂ ਨੇ ਰਾਜ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਵਿਰੋਧੀ ਸਰਕਾਰਾਂ ਨੂੰ ਅਸਥਿਰ ਕਰਨ ਲਈ ਭਾਜਪਾ ਦੀਆਂ ਅਜਿਹੀਆਂ ਚਾਲਾਂ ਸਭ ਦੇ ਸਾਹਮਣੇ ਹਨ।

ਲਹਿਰਾਗਾਗਾ ਵਿੱਚ ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਖਰੀਦੋ-ਫਰੋਖਤ ਦੀ ਰਾਜਨੀਤੀ ਕਰਦੀ ਹੈ। ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ ’ਤੇ ਕੋਈ ਅਸਰ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਸਾਹਮਣੇ ਬੇਨਕਾਬ ਹੋ ਗਏ ਹਨ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਨਾਂ ਇਤਿਹਾਸ ਵਿੱਚ ‘ਗੱਦਾਰਾਂ’ ਵਜੋਂ ਲਿਖੇ ਜਾਣਗੇ। ‘ਆਪ’ ਨੇ ਇਨ੍ਹਾਂ ਨੂੰ ਪਛਾਣ ਅਤੇ ਅਹੁਦੇ ਦਿੱਤੇ, ਪਰ ਇਹ ਉਸ ਭਰੋਸੇ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹੇ। ਪੰਜਾਬ ਦੇ ਲੋਕ ਇਸ ਧੋਖੇ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਅਜਿਹੇ ਆਗੂ ਸਿਆਸੀ ਤੌਰ ’ਤੇ ਅਲੱਗ-ਥਲੱਗ ਹੋ ਜਾਣਗੇ। ਵਿਧਾਇਕ ਮਨਿੰਦਰ ਸਿੰਘ ਗਿਆਸਪੁਰਾ ਨੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਵਾਲੇ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਸੀ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੱਤ ਮੈਂਬਰ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਵਿੱਚੋਂ ਛੇ ਸੰਸਦ ਮੈਂਬਰਾਂ ਨੇ ਹੁਣ ਨਿੱਜੀ ਹਿੱਤਾਂ ਲਈ ਅਤੇ ਕੇਂਦਰੀ ਏਜੰਸੀਆਂ ਦੇ ਦਬਾਅ ਅੱਗੇ ਝੁਕ ਕੇ ਗ਼ੈਰ-ਜਮਹੂਰੀ ਤਰੀਕੇ ਨਾਲ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਕਾਰਵਾਈਆਂ ਪਾਰਟੀ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦਾ ਹਿੱਸਾ ਦੱਸਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਅਤੇ ਬਾਗ਼ੀ ਸੰਸਦ ਮੈਂਬਰਾਂ ਨੂੰ ਮੋੜਵਾਂ ਜਵਾਬ ਜ਼ਰੂਰ ਦੇਣਗੇ।

ਰਾਜਿੰਦਰ ਗੁਪਤਾ ਦੇ ਘਰ ਦੇ ਬਾਹਰ ਸੁਰੱਖਿਆ ਵਧਾਈ

ਰਾਜ ਸਭਾ ਮੈਂਬਰ ਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਦੇ ਘਰ ਦੀ ਕੰਧ ਉੱਤੇ ‘ਗੱਦਾਰ’ ਲਿਖੇ ਜਾਣ ਮਗਰੋਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਦੇ ਬਾਹਰ ਇਹਤਿਆਤ ਵਜੋਂ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਵੱਲੋਂ ਮੁਲਜ਼ਮ ਦੀ ਪਛਾਣ ਲਈ ਨੇੜਲੇ ਸੀ ਸੀ ਟੀ ਵੀ ਫਰੋਲੇ ਜਾ ਰਹੇ ਹਨ।

Share: