ਚੇਨੱਈ: ਸੱਤਾਧਾਰੀ ਪਾਰਟੀ ਟੀ ਵੀ ਕੇ ਨੇ ਅੱਜ ਜਨਤਕ ਥਾਵਾਂ ’ਤੇ ਪਾਰਟੀ ਦੇ ਬੈਨਰ ਅਤੇ ਤਖ਼ਤੀਆਂ ਲਾਉਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ, ਜੋ ਲੋਕਾਂ ਲਈ ਅਸੁਵਿਧਾ ਪੈਦਾ ਕਰਦੇ ਹਨ ਜਾਂ ਟਰੈਫਿਕ ਵਿੱਚ ਅੜਿੱਕੇ ਪਾਉਂਦੇ ਹਨ। ਪਾਰਟੀ ਨੇ ਆਪਣੇ ਵਰਕਰਾਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਨਤਕ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ ਪਾਰਟੀ ਦੇ ਉਸ ਐਲਾਨੇ ਹੋਏ ਟੀਚੇ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਆਇਆ ਹੈ, ਜਿਸ ਵਿੱਚ ਜਨਤਕ ਭਲਾਈ ਨੂੰ ਪਹਿਲ ਦੇਣ ਦੀ ਗੱਲ ਕਹੀ ਗਈ ਹੈ।
ਪਾਰਟੀ ਦੇ ਜਨਰਲ ਸਕੱਤਰ ਅਤੇ ਮੰਤਰੀ ਐੱਨ ਆਨੰਦ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੀਡਰਸ਼ਿਪ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਮੈਂਬਰ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਹੁਕਮ ਪਾਰਟੀ ਪ੍ਰਧਾਨ ਦੀ ਸਪੱਸ਼ਟ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਤਾਮਿਲ ਨਾਡੂ ਦੇ ਮੁੱਖ ਮੰਤਰੀ ਜੋਸਫ ਵਿਜੈ ਨੇ ਅੱਜ ਇੱਥੇ ਆਈ ਯੂ ਐੱਮ ਐੱਲ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਇਹ ਦੌਰਾ ਪਾਰਟੀ ਵੱਲੋਂ ਸਰਕਾਰ ਬਣਾਉਣ ਲਈ ਟੀ ਵੀ ਕੇ ਨੂੰ ਸਮਰਥਨ ਦੇਣ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ ਹੋਇਆ ਹੈ। ਦੌਰੇ ਦੌਰਾਨ, ਵਿਜੈ ਨੇ ਉਨ੍ਹਾਂ ਦੀ ਹਮਾਇਤ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਈ।

