ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਚੁੱਕੇ ਕੱਚੇ ਅਧਿਆਪਕਾਂ ਵੱਲੋਂ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਮਾਰਚ ਸ਼ੁਰੂ ਕੀਤਾ ਤਾਂ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਚੰਡੀਗੜ੍ਹ ਪੁਲੀਸ ਵਲੋਂ ਸਖ਼ਤ ਬੈਰੀਕੇਡਿੰਗ ਤੇ ਭਾਰੀ ਪੁਲੀਸ ਫੋਰਸ ਲਗਾ ਕੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਕਸ਼ਮਕਸ਼ ਦੌਰਾਨ ਕਈ ਅਧਿਆਪਕ ਦੀਆਂ ਦਸਤਾਰਾਂ ਲੱਥ ਗਈਆਂ ਤੇ ਕਈ ਅਧਿਆਪਕ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਰੋਹ ਵਿਚ ਆਏ ਅਧਿਆਪਕਾਂ ਵਲੋਂ ਉੱਥੇ ਹੀ ਧਰਨਾ ਲਗਾ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ, ਵਿਕਾਸ ਸਾਹਨੀ, ਵਰੁਣ ਖੇੜਾ, ਜਸਵਿੰਦਰ ਕੌਰ ਆਦਿ ਆਗੂਆਂ ਨੇ ਦੱਸਿਆ ਕਿ ਉਹ ਬਹਾਲੀ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋਂ ਲਾਂਭੇ ਕੀਤਾ ਜਾ ਰਿਹਾ ਹੈ ਅਤੇ ਬਹਾਲੀ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਜਲਦੀ ਬਹਾਲ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਦੇ ਆਗਮਨ ਮੌਕੇ ਸਾਰੇ ਪੰਜਾਬ ਵਿਚ ਗੁਪਤ ਐਕਸ਼ਨ ਕਰਨਗੇ।
Posted inMohali (SAS Nagar)
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕੱਚੇ ਅਧਿਆਪਕ ਰੋਕੇ

