ਨਵੀਂ ਦਿੱਲੀ : ਮੌਸਮ ਮਹਿਕਮੇ ਨੇ ਦਿੱਲੀ ਵਿੱਚ ਕੱਲ੍ਹ ਤੋਂ ‘ਯੈਲੋ ਅਲਰਟ’ ਨਾਲ ਭਿਆਨਕ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਦਿੱਲੀ ਵਾਸੀਆਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਹੋਵੇਗਾ ਕਿਉਂਕਿ ਰਾਜਧਾਨੀ ਵਿੱਚ ਤਾਪਮਾਨ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈ ਐੱਮ ਡੀ) ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਸੰਭਾਵਿਤ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੌਸਮ ਮਾਹਿਰਾਂ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਤਪਸ਼ ਵਧਣ ਦੀ ਸੰਭਾਵਨਾ ਹੈ, ਜੋ ਨਾ ਸਿਰਫ਼ ਦਿੱਲੀ ਬਲਕਿ ਉੱਤਰ-ਪੱਛਮ ਅਤੇ ਮੱਧ ਭਾਰਤ ਦੇ ਵੱਡੇ ਹਿੱਸਿਆਂ ਨੂੰ ਵੀ ਪ੍ਰਭਾਵਿਤ ਕਰੇਗੀ। ਆਈ ਐੱਮ ਡੀ ਅਨੁਸਾਰ ਦਿੱਲੀ ਦੇ ਪ੍ਰਾਇਮਰੀ ਮੌਸਮ ਸਟੇਸ਼ਨ ਮੰਨੇ ਜਾਣ ਵਾਲੇ ਸਫਦਰਜੰਗ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਦੇ ਕਈ ਖੇਤਰਾਂ ਵਿੱਚ ਲੂ ਚੱਲੇਗੀ। 21 ਮਈ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਸੈਲਸੀਅਸ ਹੋਰ ਵਧ ਸਕਦਾ ਹੈ, ਜਿਸ ਤੋਂ ਕੋਈ ਰਾਹਤ ਦੀ ਉਮੀਦ ਨਹੀਂ ਹੈ।
ਇਸ ਦੌਰਾਨ ਰਾਤ ਦਾ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ 25.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਥੋੜ੍ਹਾ ਘੱਟ ਸੀ ਪਰ ਭਵਿੱਖਬਾਣੀਆਂ ਦੱਸਦੀਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਲਗਪਗ 29 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ, ਜਿਸ ਨਾਲ ਰਾਤਾਂ ਗਰਮ ਹੋ ਸਕਦੀਆਂ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿੱਲੀ ਨੇ ਇਸ ਗਰਮੀ ਵਿੱਚ ਬਹੁਤ ਜ਼ਿਆਦਾ ਤਾਪਮਾਨ ਦਾ ਸਾਹਮਣਾ ਕੀਤਾ ਹੋਵੇ।

