Punjab MC Elections: ਬੈਲੇਟ ਪੇਪਰ ਨਾਲ ਹੋਣਗੀਆਂ ਨਿਗਮ ਤੇ ਕੌਂਸਲ ਚੋਣਾਂ

Punjab MC Elections: ਬੈਲੇਟ ਪੇਪਰ ਨਾਲ ਹੋਣਗੀਆਂ ਨਿਗਮ ਤੇ ਕੌਂਸਲ ਚੋਣਾਂ

ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਹੁਣ ਬੈਲੇਟ ਪੇਪਰ ਨਾਲ ਹੀ ਹੋਣਗੀਆਂ। ਚੋਣਾਂ ਤੋਂ ਚਾਰ ਦਿਨ ਪਹਿਲਾਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਨਿਗਮ ਤੇ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਵਾਏ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਨਿਗਮ ਚੋਣਾਂ ਦੇ ਇਸ ਪੜਾਅ ’ਤੇ ਚੋਣ ਪ੍ਰਕਿਰਿਆ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਦਾਲਤ ਨੇ ਕਿਹਾ ਕਿ ਚੋਣ ਪ੍ਰਕਿਰਿਆ ਹੁਣ ਆਖ਼ਰੀ ਪੜਾਅ ’ਤੇ ਹੈ ਅਤੇ ਇਸ ਪੜਾਅ ’ਤੇ ਦਖ਼ਲ ਨਹੀਂ ਦਿੱਤਾ ਜਾ ਸਕਦਾ। ਉੱਚ ਅਦਾਲਤ ਨੇ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਪਰ ਪਟੀਸ਼ਨਰਾਂ ਨੂੰ ਚੋਣਾਂ ਤੋਂ ਬਾਅਦ ਚੋਣ ਪਟੀਸ਼ਨ ਰਾਹੀਂ ਚੋਣ ਪ੍ਰਕਿਰਿਆ ਨੂੰ ਚੁਣੌਤੀ ਦੇਣ ਦੀ ਖੁੱਲ੍ਹ ਦਿੱਤੀ ਹੈ। ਚੇਤੇ ਰਹੇ ਕਿ ਪੰਜਾਬ ਵਿੱਚ 26 ਮਈ ਨੂੰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਾਂ ਪੈਣਗੀਆਂ। ਕੁੱਝ ਦਿਨ ਪਹਿਲਾਂ ਵਿਰੋਧੀ ਧਿਰਾਂ ਨੇ ਰਾਜ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਇਹ ਚੋਣਾਂ ਈ ਵੀ ਐੱਮ ਮਸ਼ੀਨਾਂ ਨਾਲ ਕਰਵਾਈਆਂ ਜਾਣ। ਤਿੰਨ ਪਟੀਸ਼ਨਾਂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਇਹ ਚੋਣਾਂ ਬੈਲੇਟ ਪੇਪਰ ਨਾਲ ਕਰਵਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।

ਭਾਰਤੀ ਚੋਣ ਕਮਿਸ਼ਨ ਵੀ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਨਾਲ ਇਹ ਸਥਾਨਕ ਚੋਣਾਂ ਕਰਵਾਉਣ ਲਈ ਪੱਬਾਂ ਭਾਰ ਰਿਹਾ। ਹਾਈ ਕੋਰਟ ਵਿੱਚ ਲੰਘੇ ਕੱਲ੍ਹ ਭਾਰਤੀ ਚੋਣ ਕਮਿਸ਼ਨ ਨੇ ਦੱਸਿਆ ਸੀ ਕਿ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈ ਵੀ ਐੱਮਜ਼) ਰਾਜਸਥਾਨ ਤੋਂ ਪੰਜਾਬ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਸ਼ਾਮ ਤੱਕ ਪੰਜਾਬ ਪਹੁੰਚ ਜਾਣਗੀਆਂ। ਅੱਜ ਅਦਾਲਤ ’ਚ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਜਸਥਾਨ ਤੋਂ ਕਰੀਬ ਛੇ ਹਜ਼ਾਰ ਈ ਵੀ ਐੱਮਜ਼ ਅੰਬਾਲਾ ਪਹੁੰਚ ਚੁੱਕੀਆਂ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਸਿਰਫ਼ ਇਕ-ਦੋ ਦਿਨਾਂ ’ਚ ਈ ਵੀ ਐੱਮਜ਼ ਤਿਆਰ ਹੋਣ ਦਾ ਦਾਅਵਾ ਕੀਤਾ ਗਿਆ ਸੀ।

ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਇਸ ਬੈਂਚ ਨੇ ਲੰਘੇ ਕੱਲ੍ਹ ਇਸ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਸੁਣਾਏ ਫ਼ੈਸਲੇ ’ਚ ਕਿਹਾ ਕਿ ਪਟੀਸ਼ਨਰ ਕਾਫੀ ਦੇਰੀ ਨਾਲ ਅਦਾਲਤ ਪੁੱਜੇ ਹਨ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਦੱਸਣਯੋਗ ਹੈ ਕਿ ਮੁੱਢਲੇ ਪੜਾਅ ’ਤੇ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਤੋਂ ਈ ਵੀ ਐੱਮਜ਼ ਦੀ ਮੰਗ ਕੀਤੀ ਸੀ ਪਰ ਉਸ ਵੇਲੇ ਭਾਰਤੀ ਚੋਣ ਕਮਿਸ਼ਨ ਨੇ ਕੋਈ ਹੁੰਗਾਰਾ ਨਹੀਂ ਭਰਿਆ ਸੀ।

ਪੰਜਾਬ ਨੇ ਭਾਰਤੀ ਚੋਣ ਕਮਿਸ਼ਨ ਦੇ ਮੈਨੂਅਲ ਦਾ ਹਵਾਲਾ ਦਿੱਤਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਅਦਾਲਤ ’ਚ ਕਿਹਾ ਕਿ ਈ ਵੀ ਐੱਮਜ਼ ਦੀ ਤਾਇਨਾਤੀ ਨਾਲ ਸਬੰਧਤ ਪ੍ਰਕਿਰਿਆਵਾਂ ਲਈ 15 ਤੋਂ 18 ਦਿਨ ਲੱਗ ਸਕਦੇ ਹਨ। ਉਸ ਨੇ ਕਿਹਾ ਕਿ ਹੁਣ ਚੋਣਾਂ ’ਚ ਕੁੱਝ ਦਿਨ ਬਚੇ ਹੋਣ ਕਰ ਕੇ ਇਸ ਪੜਾਅ ’ਤੇ ਅਜਿਹਾ ਕਰਨਾ ਸੰਭਵ ਨਹੀਂ ਹੈ। ਰਾਜ ਚੋਣ ਕਮਿਸ਼ਨ ਨੇ ਅਦਾਲਤ ’ਚ ਭਾਰਤੀ ਚੋਣ ਕਮਿਸ਼ਨ ਦੇ ਮੈਨੂਅਲ ਦਾ ਹਵਾਲਾ ਵੀ ਦਿੱਤਾ। ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਤਰਕ ਦਿੱਤਾ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਚੋਣ ਪ੍ਰਕਿਰਿਆ ’ਚ ਦਖ਼ਲ ਨਹੀਂ ਦਿੱਤਾ ਜਾ ਸਕਦਾ। ਐਡਵੋਕੇਟ ਜਨਰਲ ਨੇ ਅਦਾਲਤ ’ਚ ਬੈਲਟ ਪੇਪਰਾਂ ਦੀ ਛਪਾਈ ਦੀ ਪ੍ਰਕਿਰਿਆ ਪਹਿਲਾਂ ਤੋਂ ਚੱਲ ਰਹੀ ਹੋਣ ਦੀ ਗੱਲ ਵੀ ਕਹੀ।

‘ਆਪ’ ਵਿਧਾਇਕ ਵੱਲੋਂ ਬੂਥਾਂ ’ਤੇ ਕਬਜ਼ੇ ਦੀ ਧਮਕੀ

ਪੰਜਾਬ ਸਰਕਾਰ ਨਗਰ ਕੌਂਸਲ ਚੋਣਾਂ ਦੌਰਾਨ ਧਾਂਦਲੀਆਂ ਤੇ ਧੱਕੇਸ਼ਾਹੀ ਦੇ ਦੋਸ਼ਾਂ ’ਚ ਘਿਰ ਗਈ ਹੈ। ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ’ਚੋਂ ਲਾਂਭੇ ਹੋਣ ਦੀ ਸਲਾਹ ਦਿੰਦਿਆਂ ਪੋਲਿੰਗ ਵਾਲੇ ਦਿਨ ਬੂਥਾਂ ’ਤੇ ਕਬਜ਼ੇ ਕਰਨ ਦੀ ਧਮਕੀ ਦਿੱਤੀ ਹੈ। ਵਿਰੋਧੀ ਧਿਰਾਂ ਨੇ ਚੋਣ ਕਮਿਸ਼ਨਰ ਤੋਂ ‘ਆਪ’ ਵਿਧਾਇਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ, ਜ਼ਿਲ੍ਹਾ ਚੋਣ ਅਧਿਕਾਰੀ ਕਮ ਡੀ ਸੀ ਡਾ. ਹਿਮਾਂਸ਼ੂ ਅਗਰਵਾਲ ਨੇ ਰਿਟਰਨਿੰਗ ਅਫ਼ਸਰ ਤੋਂ ਰਿਪੋਰਟ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਪਾਤੜਾਂ ’ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਪਾਤੜਾਂ ਦਾ ਨਤੀਜਾ 17-0 ਰਹਿਣਾ ਹੈ ਤੇ ਪ੍ਰਧਾਨ ਵੀ ‘ਆਪ’ ਦਾ ਬਣਨਾ ਹੈ। ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਕਾਂਗਰਸੀ, ਅਕਾਲੀ ਜਾਂ ਭਾਜਪਾਈ ਪ੍ਰਧਾਨ ਬਣਿਆ ਤਾਂ ਉਨ੍ਹਾਂ ਦੇ ਕੰਮ ਨਹੀਂ ਹੋਣੇੇ।’ ਵਿਰੋਧੀ ਉਮੀਦਵਾਰਾਂ ਨੂੰ ਸੁਝਾਅ ਦਿੰਦਿਆਂ ਵਿਧਾਇਕ ਨੇ ਕਿਹਾ, ‘‘ਉਨ੍ਹਾਂ ਜਿੱਤਣਾ ਤਾਂ ਹੈ ਨਹੀਂ, ਐਵੇਂ ਪੈਸੇ ਕਿਉਂ ਖ਼ਰਾਬ ਕਰਦੇ ਹਨ। ਇਸ ਲਈ ਮੈਦਾਨ ਵਿਚੋਂ ਹਟ ਜਾਣ ਕਿਉਂਕਿ ਲੋਕ ਸਿਆਣੇ ਹਨ ਤੇ ਜਿੱਤਣਾ ਤਾਂ ‘ਆਪ’ ਨੇ ਹੀ ਹੈ। ਫੇਰ ਵੀ ਜੇ ਮਾੜੀ ਮੋਟੀ ਕਸਰ ਰਹੀ ਤਾਂ ਉਹ ਗੇਟ ਬੰਦ ਕਰ ਕੇ ਆਪੇ ਕੱਢ ਲੈਣਗੇ।’’ਵਿਰੋਧੀ ਧਿਰਾਂ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ‘ਆਪ’ ਵਿਧਾਇਕ ਦੇ ਇਸ ਐਲਾਨਨਾਮੇ ਦਾ ਗੰਭੀਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਤੋਂ ਵਿਧਾਇਕ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਗੜ੍ਹੀ, ਸ਼ੁਤਰਾਣਾ ਦੇ ਹਲਕਾ ਇੰਚਾਰਜ ਕਬੀਰ ਦਾਸ, ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਜੈਇੰਦਰ ਕੌਰ, ਸੂਬਾ ਆਗੂ ਹਰਵਿੰਦਰ ਹਰਪਾਲਪੁਰ, ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ, ਗੁਰਿੰਦਰ ਢਿੱਲੋਂ ਆਦਿ ਨੇ ‘ਆਪ’ ਵਿਧਾਇਕ ਖ਼ਿਲਾਫ਼ ਬਣਦੀ ਕਾਰਵਾਈ ’ਤੇ ਜ਼ੋਰ ਦਿੱਤਾ ਹੈ।

Share: