ਨਵੀਂ ਦਿੱਲੀ : ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਤਣਾਅ ਦੇ ਵਿਚਕਾਰ ਦੇਸ਼ ਦੇ ਆਮ ਨਾਗਰਿਕਾਂ ‘ਤੇ ਮਹਿੰਗਾਈ ਦਾ ਭਾਰ ਪੈਣਾ ਸ਼ੁਰੂ ਹੋ ਗਿਆਹੈ। ਸਰਕਾਰੀ ਤੇਲ ਕੰਪਨੀਆਂ ਨੇ ਸ਼ਨਿਚਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 91 ਪੈਸੇ ਪ੍ਰਤੀ ਲੀਟਰ ਤੱਕ ਦਾ ਵਾਧਾ ਕਰਕੇ ਜਨਤਾ ਦਾ ਲੱਕ ਤੋੜ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪਿਛਲੇ 10 ਦਿਨਾਂ ਦੇ ਅੰਦਰ-ਅੰਦਰ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਇਹ ਤੀਜਾ ਵੱਡਾ ਵਾਧਾ ਹੈ, ਜਿਸ ਨਾਲ ਹੁਣ ਹਰ ਵਰਗ ਦੇ ਬਜਟ ਦਾ ਸੰਤੁਲਨ ਪੂਰੀ ਤਰ੍ਹਾਂ ਵਿਗੜ ਗਿਆ ਹੈ।
ਇਸ ਤਾਜ਼ਾ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 87 ਪੈਸੇ ਦੀ ਛਲਾਂਗ ਲਗਾ ਕੇ 98.64 ਰੁਪਏ ਤੋਂ ਸਿੱਧੀ 99.51 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ, ਜੋ ਕਿ ਸੈਂਕੜੇ ਦੇ ਅੰਕੜੇ ਨੂੰ ਛੂਹਣ ਦੇ ਬਿਲਕੁਲ ਨਜ਼ਦੀਕ ਹੈ। ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 91 ਪੈਸੇ ਦਾ ਉਛਾਲ ਆਇਆ ਹੈ, ਜਿਸ ਨਾਲ ਹੁਣ ਡੀਜ਼ਲ 91.58 ਰੁਪਏ ਤੋਂ ਵਧ ਕੇ 92.49 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ ਮਹਿੰਗਾ ਹੋਣ ਕਾਰਨ ਹੁਣ ਆਉਣ ਵਾਲੇ ਦਿਨਾਂ ਵਿੱਚ ਮਾਲ-ਭਾੜਾ ਵਧਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਦੇ ਮਹਿੰਗੇ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ।
ਤੇਲ ਬਾਜ਼ਾਰ ਦੇ ਮਾਹਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਇਸ ਵਾਧੇ ਦਾ ਮੁੱਖ ਕਾਰਨ ਪੱਛਮੀ ਏਸ਼ੀਆ (ਮਿਡਲ ਈਸਟ) ਵਿੱਚ ਚੱਲ ਰਿਹਾ ਗੰਭੀਰ ਫ਼ੌਜੀ ਟਕਰਾਅ ਹੈ, ਜਿਸ ਕਾਰਨ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਗਈਆਂ ਹਨ। ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਬੀਤੀ 15 ਮਈ ਤੋਂ ਇਸ ਵਧੇ ਹੋਏ ਬੋਝ ਨੂੰ ਯੋਜਨਾਬੱਧ ਤਰੀਕੇ ਨਾਲ ਖਪਤਕਾਰਾਂ ਦੀ ਜੇਬ ‘ਤੇ ਪਾਉਣਾ ਸ਼ੁਰੂ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਿਲਸਿਲੇ ਦੇ ਤਹਿਤ ਸਭ ਤੋਂ ਪਹਿਲਾਂ 15 ਮਈ ਨੂੰ ਤੇਲ ਦੀਆਂ ਕੀਮਤਾਂ ਵਿੱਚ ਇੱਕੋ ਵਾਰ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ 19 ਮਈ ਨੂੰ ਮੁੜ 90 ਪੈਸੇ ਦੀ ਹੋਰ ਵਾਧਾ ਕੀਤਾ ਗਿਆ। ਹੁਣ ਅੱਜ ਸ਼ਨਿਚਰਵਾਰ ਨੂੰ ਹੋਏ ਤਾਜ਼ਾ ਵਾਧੇ ਨੂੰ ਮਿਲਾ ਕੇ ਪਿਛਲੇ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 5 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਹੋ ਚੁੱਕਾ ਹੈ। ਇਸ ਲਗਾਤਾਰ ਵਧ ਰਹੀ ਮਹਿੰਗਾਈ ਨੇ ਨਾ ਸਿਰਫ਼ ਵਾਹਨ ਚਾਲਕਾਂ ਬਲਕਿ ਆਮ ਜਨਤਾ ਅਤੇ ਵਪਾਰਕ ਵਰਗ ਵਿੱਚ ਵੀ ਭਾਰੀ ਚਿੰਤਾ ਅਤੇ ਰੋਸ ਪੈਦਾ ਕਰ ਦਿੱਤਾ ਹੈ।

