ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਗਰ ਕੌਂਸਲ ਚੋਣਾਂ ਦੌਰਾਨ ਮਹਿੰਗਾਈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਅਨੋਖੇ ਢੰਗ ਨਾਲ ਆਪਣਾ ਰੋਸ ਪ੍ਰਗਟ ਕੀਤਾ। ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਬੈਲ ਗੱਡੀ ‘ਤੇ ਸਵਾਰ ਹੋ ਕੇ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ। ਇਹ ਅਨੋਖਾ ਨਜ਼ਾਰਾ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਮੌਕੇ ‘ਤੇ ਟਵੀਟ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਉਹ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ਼ ਪ੍ਰਤੀਕਾਤਮਕ ਵਿਰੋਧ ਵਜੋਂ ਬੈਲ ਗੱਡੀ ‘ਤੇ ਵੋਟ ਪਾਉਣ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਲਗਪਗ 7 ਰੁਪਏ ਦੇ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਘੱਟ ਸਨ, ਉਦੋਂ ਸਰਕਾਰ ਨੇ ਇਸ ਦਾ ਲਾਭ ਆਮ ਲੋਕਾਂ ਤੱਕ ਨਹੀਂ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਜ ਕੱਚੇ ਤੇਲ ਦੀਆਂ ਕੀਮਤਾਂ 2014 ਨਾਲੋਂ ਵੀ ਘੱਟ ਹੋਣ ਦੇ ਬਾਵਜੂਦ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਮਹਿੰਗਾਈ, ਵਧਦੇ ਆਵਾਜਾਈ ਖਰਚਿਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਮਹਿੰਗੀਆਂ ਵਸਤੂਆਂ ਕਾਰਨ ਪੀੜਤ ਹਨ ਅਤੇ ਲੋਕ-ਵਿਰੋਧੀ ਇਹ ਲੁੱਟ ਤੁਰੰਤ ਬੰਦ ਹੋਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਇਹ ਬੀਤੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ’ਚ ਚੌਥਾ ਵਾਧਾ ਹੈ। ਇਸ ਨਾਲ 15 ਮਈ ਤੋਂ ਲੈ ਕੇ ਪੈਟਰੋਲ ਅਤੇ ਡੀਜ਼ਲ ਦੇ ਭਾਅ ’ਚ ਕੁੱਲ ਮਿਲਾ ਕੇ ਕਰੀਬ 7.5 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋ ਚੁੱਕਿਆ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਵਧਦੀ ਕੀਮਤ ਕਾਰਨ ਉਸ ਦਾ ਭਾਅ ਵਧਾ ਰਹੀਆਂ ਹਨ। ਹਾਲਾਂਕਿ ਅਮਰੀਕਾ ਅਤੇ ਇਰਾਨ ਵਿਚਾਲੇ ਸਮਝੌਤੇ ਦੀ ਗੱਲ ਅੱਗੇ ਵਧਣ ਕਾਰਨ ਕੱਚਾ ਤੇਲ ਦੋ ਹਫ਼ਤਿਆਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ 100 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਅੰਕੜੇ ਤੋਂ ਹੇਠਾਂ ਆ ਗਿਆ ਅਤੇ ਇਹ 95 ਡਾਲਰ ਤੱਕ ਜਾ ਸਕਦਾ ਹੈ। ਤੇਲ ਕੀਮਤਾਂ ’ਚ ਵਾਧੇ ਕਾਰਨ ਮਹਿੰਗਾਈ ’ਚ ਵੀ ਵਾਧਾ ਤੈਅ ਹੈ।

