ਫਗਵਾੜਾ ’ਚ ਖ਼ੂਨੀ ਵਾਰਦਾਤ: ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਵਕੀਲ ਦਾ ਕਤਲ

ਫਗਵਾੜਾ ’ਚ ਖ਼ੂਨੀ ਵਾਰਦਾਤ: ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਵਕੀਲ ਦਾ ਕਤਲ

ਫਗਵਾੜਾ (ਮਨੀਸ਼ ਰਿਹਾਨ) : ਇੱਥੋਂ ਦੇ ਮਹੇੜੂ ਖੇਤਰ ਵਿੱਚ ਪੈਂਦੇ ਲਾਅ ਗੇਟ ਨੇੜੇ ਅੱਜ ਦਿਨ-ਦਿਹਾੜੇ ਉਸ ਸਮੇਂ ਸਨਸਨੀ ਅਤੇ ਦਹਿਸ਼ਤ ਫੈਲ ਗਈ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਵਕੀਲ ’ਤੇ  ਗੋਲੀਆਂ ਚਲਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਵਕੀਲ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਡਵੋਕੇਟ ਸਿਮਰਨਜੀਤ ਸਿੰਘ ਮਹੇੜੂ ਦੇ ਲਾਅ ਗੇਟ ਨੇੜੇ ਮੌਜੂਦ ਸਨ ਕਿ ਇਸੇ ਦੌਰਾਨ ਅਚਾਨਕ ਕੁਝ ਅਣਪਛਾਤੇ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸਿਮਰਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਉੱਥੇ ਹੀ ਡਿੱਗ ਪਏ।

ਹਸਪਤਾਲ ਵਿੱਚ ਹੋਈ ਮੌਤ

ਵਾਰਦਾਤ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਵਕੀਲ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਇਲਾਕੇ ਦੇ ਕਾਨੂੰਨੀ ਭਾਈਚਾਰੇ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਤੇ ਸੋਗ ਦੀ ਲਹਿਰ ਦੌੜ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਵੱਲੋਂ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਵਾਰਦਾਤ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

Share: