ਜਲੰਧਰ ਉੱਤਰੀ ਹਲਕੇ ਦੇ ਰਾਸ਼ਨ ਡਿਪੂਆਂ ਤੱਕ ਪਹੁੰਚੀਆਂ ‘ਮੇਰੀ ਰਸੋਈ’ ਕਿੱਟਾਂ, ਜਲਦ ਸ਼ੁਰੂ ਹੋਵੇਗੀ ਲਾਭਪਾਤਰੀਆਂ ਵਿੱਚ ਵੰਡ

ਜਲੰਧਰ ਉੱਤਰੀ ਹਲਕੇ ਦੇ ਰਾਸ਼ਨ ਡਿਪੂਆਂ ਤੱਕ ਪਹੁੰਚੀਆਂ ‘ਮੇਰੀ ਰਸੋਈ’ ਕਿੱਟਾਂ, ਜਲਦ ਸ਼ੁਰੂ ਹੋਵੇਗੀ ਲਾਭਪਾਤਰੀਆਂ ਵਿੱਚ ਵੰਡ

ਜਲੰਧਰ (ਮਨੀਸ਼ ਰਿਹਾਨ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਅਤੇ ਹੱਕਦਾਰ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਕਿੱਟਾਂ ਦੀ ਵੰਡ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਹਲਕੇ ਦੇ ਸਮੂਹ ਰਾਸ਼ਨ ਡਿਪੂਆਂ ਤੱਕ ਮੇਰੀ ਰਸੋਈ ਕਿੱਟਾਂ ਦਾ ਸਟਾਕ ਪਹੁੰਚਾ ਦਿੱਤਾ ਗਿਆ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਯੋਗ ਪਰਿਵਾਰਾਂ ਨੂੰ ਕਿੱਟਾਂ ਦੀ ਵੰਡ ਸ਼ੁਰੂ ਕੀਤੀ ਜਾਵੇਗੀ।

ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਭੁਲਿੰਦਰ ਸਿੰਘ ਦੀ ਨਿਗਰਾਨੀ ਹੇਠ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ। ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹਲਕੇ ਦੇ ਵੱਖ-ਵੱਖ ਰਾਸ਼ਨ ਡਿਪੂ ਹੋਲਡਰਾਂ, ਜਿਨ੍ਹਾਂ ਵਿੱਚ ਪਰਵੀਨ ਕੁਮਾਰੀ, ਦੁਆਰਕਾ ਦਾਸ, ਪੂਜਾ ਅਤੇ ਹੋਰ ਡਿਪੂ ਸੰਚਾਲਕ ਸ਼ਾਮਲ ਹਨ, ਨੂੰ ਕਿੱਟਾਂ ਦਾ ਸਟਾਕ ਸੌਂਪਿਆ ਗਿਆ।

ਇਸ ਮੌਕੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਵੀ ਡਿਪੂਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪੂ ਹੋਲਡਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਮਹਿੰਗਾਈ ਦੇ ਇਸ ਦੌਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਰਸੋਈ ਦੇ ਜ਼ਰੂਰੀ ਸਮਾਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ।

ਦਿਨੇਸ਼ ਢੱਲ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਯੋਗ ਪਰਿਵਾਰ ਨੂੰ ਇੱਕ ਮੇਰੀ ਰਸੋਈ ਕਿੱਟ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਡਿਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਕਿੱਟਾਂ ਦੀ ਵੰਡ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਵੇ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਸਥਾਨਕ ਨਿਵਾਸੀਆਂ ਨੇ ਵੀ ਇਸ ਸਕੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਵਧਦੀ ਮਹਿੰਗਾਈ ਦੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹ ਕਿੱਟਾਂ ਲੋੜਵੰਦ ਪਰਿਵਾਰਾਂ ਲਈ ਕਾਫ਼ੀ ਮਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਇਸ ਮੌਕੇ ਡਿਪੂ ਹੋਲਡਰਾਂ ਅਤੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਸਕੀਮ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਿੱਧੀ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Share: