Mawan Dhiyan Satkar Yojana: ਮੁੱਖ ਮੰਤਰੀ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਜਾਇਜ਼ਾ ਲਿਆ

Mawan Dhiyan Satkar Yojana: ਮੁੱਖ ਮੰਤਰੀ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਜਾਇਜ਼ਾ ਲਿਆ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪਹਿਲੀ ਜੁਲਾਈ ਤੋਂ ਔਰਤਾਂ ਨੂੰ ਵਿੱਤੀ ਮਦਦ ਯਕੀਨੀ ਤੌਰ ’ਤੇ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਫੰਡ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਰਜਿਸਟ੍ਰੇਸ਼ਨ ਲਈ ਦੋ ਲੱਖ ਮਹਿਲਾ ਸਤਿਕਾਰ ਸਖੀਆਂ ਨੂੰ ਸੂਬੇ ਭਰ ਵਿੱਚ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਨਿਰਧਾਰਤ ਕੀਤੀਆਂ ਹੋਰ ਥਾਵਾਂ ਰਾਹੀਂ ਕੀਤੀ ਜਾ ਰਹੀ ਹੈ। ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਸਿਹਤ ਯੋਜਨਾ ਤਹਿਤ 3.79 ਲੱਖ ਮਰੀਜ਼ਾਂ ਨੇ ਇਲਾਜ ਕਰਵਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਬਣ ਚੁੱਕੇ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਕਵਰ ਕੀਤਾ ਗਿਆ ਹੈ, ਜਦੋਂ ਕਿ ਬਾਕੀ ਪਰਿਵਾਰਾਂ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵਟਸਐਪ-ਆਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ।

Share: