ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (BJP) ਇਸੇ ਮਹੀਨੇ ਤੋਂ ਪੰਜਾਬ ਵਿੱਚ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਨ ਜਾ ਰਹੀ ਹੈ, ਜਿਸ ਲਈ ਕਈ ਵੱਡੇ ਆਗੂਆਂ ਦੇ ਦੌਰਿਆਂ ਦੀ ਤਿਆਰੀ ਕਰ ਲਈ ਗਈ ਹੈ। ਸੂਤਰਾਂ ਮੁਤਾਬਕ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜੂਨ ਦੇ ਅਖੀਰ ਵਿੱਚ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ, ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ।
ਨਿਤਿਨ ਨਬੀਨ ਦੇ ਆਉਣ ਤੋਂ ਪਹਿਲਾਂ, ਕੇਂਦਰ ਸਰਕਾਰ ਦੇ ਦੋ ਸੀਨੀਅਰ ਮੰਤਰੀ ਪੰਜਾਬ ਆਉਣਗੇ। ਸਭ ਤੋਂ ਪਹਿਲਾਂ ਕੇਂਦਰੀ ਸ਼ਹਿਰੀ ਵਿਕਾਸ ਅਤੇ ਹਾਊਸਿੰਗ ਮੰਤਰੀ ਐਮ.ਐਲ. ਖੱਟਰ 13 ਜੂਨ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਨ੍ਹਾਂ ਤੋਂ ਬਾਅਦ ਅਗਲੇ ਕੁਝ ਦਿਨਾਂ ਵਿੱਚ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੀ ਪੰਜਾਬ ਦਾ ਦੌਰਾ ਕਰਨਗੇ। ਇਨ੍ਹਾਂ ਦੌਰਿਆਂ ਤੋਂ ਬਾਅਦ ਭਾਜਪਾ ਆਪਣੇ ਹੋਰ ਵੀ ਕਈ ਸੀਨੀਅਰ ਮੰਤਰੀਆਂ ਨੂੰ ਪੰਜਾਬ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੇਗੀ। ਇਹ ਯੋਜਨਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀਆਂ ਨਾਲ ਕੀਤੀਆਂ ਮੁਲਾਕਾਤਾਂ ਤੋਂ ਬਾਅਦ ਤਿਆਰ ਕੀਤੀ ਗਈ ਹੈ। ਢਿੱਲੋਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਖ਼ਾਸ ਧਿਆਨ ਦੇਣ ਦੀ ਅਪੀਲ ਕੀਤੀ ਸੀ, ਜਿਨ੍ਹਾਂ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ, ਲਗਾਤਾਰ ਡਿੱਗ ਰਿਹਾ ਪਾਣੀ ਦਾ ਪੱਧਰ, ਸਰਹੱਦੀ ਇਲਾਕਿਆਂ ਦੀ ਸੁਰੱਖਿਆ, ਰੁਜ਼ਗਾਰ ਦੇ ਮੌਕਿਆਂ ਦੀ ਘਾਟ ਅਤੇ ਕਮਜ਼ੋਰ ਸਿਹਤ ਸਹੂਲਤਾਂ ਸ਼ਾਮਲ ਹਨ।

