Kejriwal Punjab Visit: AAP ਸੁਪਰੀਮੋ ਕੇਜਰੀਵਾਲ ਦਾ ਪੰਜਾਬ ਦੌਰਾ ਅੱਜ ਤੋਂ

Kejriwal Punjab Visit: AAP ਸੁਪਰੀਮੋ ਕੇਜਰੀਵਾਲ ਦਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਇੱਥੇ ਆ ਰਹੇ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਚਕਾਰ ਗਵਰਨੈਂਸ ਨਾਲ ਜੁੜੇ ਮੁੱਦਿਆਂ, ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਦੀ ਸਮਾਂ ਸੀਮਾ ਵਿੱਚ ਹੋ ਰਹੀ ਦੇਰੀ ਅਤੇ ਵੱਖ-ਵੱਖ ਸਰਕਾਰੀ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ ਜਾਵੇਗੀ।

ਇਸ ਦੌਰੇ ਦੀ ਸ਼ੁਰੂਆਤ ਅੱਜ ਕੇਜਰੀਵਾਲ, ਮਾਨ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਆਪ (AAP) ਦੇ ਗੋਆ ਦੇ ਆਗੂ ਦੀਪਕ ਸਿੰਘਾ ਨੂੰ ਮਿਲਣ ਲਈ ਅੰਬਾਲਾ ਜੇਲ੍ਹ ਜਾਣ ਨਾਲ ਹੋਵੇਗੀ। ਉਨ੍ਹਾਂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੌਰੇ ਦੌਰਾਨ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਬਠਿੰਡਾ ਵਿੱਚ ਰੋਡ ਸ਼ੋਅ ਕਰਨਗੇ, ਜਲੰਧਰ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਜਲੰਧਰ ਵਿੱਚ ਹੀ ਨਵੇਂ ਚੁਣੇ ਗਏ ਕੌਂਸਲਰਾਂ ਤੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ। ਇਹ ਵੀ ਪਤਾ ਲੱਗਿਆ ਹੈ ਕਿ ਕੇਜਰੀਵਾਲ ਅਤੇ ਮਾਨ ਉਨ੍ਹਾਂ ਐੱਨ ਜੀ ਓ (NGO) ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕਰਨਗੇ ਜਿਨ੍ਹਾਂ ਨੇ ਪਿਛਲੇ ਸਾਲ ਹੜ੍ਹ ਰਾਹਤ ਕਾਰਜਾਂ ਵਿੱਚ ਸ਼ਾਨਦਾਰ ਕੰਮ ਕੀਤਾ ਸੀ।

Share: