ਨੌਂ ਸਾਲਾਂ ’ਚ 93 ਪੇਪਰ ਲੀਕ ਹੋਏ: CM Bhagwant Mann

ਨੌਂ ਸਾਲਾਂ ’ਚ 93 ਪੇਪਰ ਲੀਕ ਹੋਏ: CM Bhagwant Mann

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮਿਉਂਸਿਪਲ ਭਵਨ ਵਿੱਚ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ 355 ਨੌਜਵਾਨਾਂ ਨੂੰ ਨਿਯੁਕਤ ਪੱਤਰ ਸੌਂਪੇ, ਜਿਸ ਵਿੱਚ ਤਕਨੀਕੀ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਲੋਕ ਨਿਰਮਾਣ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਹੋਰ ਵਿਭਾਗਾਂ ਦੇ ਉਮੀਦਵਾਰ ਸ਼ਾਮਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਅਣਗਹਿਲੀਆਂ ਕਰ ਕੇ ਨੀਟ ਵਰਗੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਰਹੇ ਹਨ। ਦੇਸ਼ ਵਿੱਚ ਪਿਛਲੇ ਨੌਂ ਸਾਲਾਂ ਦੌਰਾਨ ਸਾਲ 2017 ਤੋਂ ਹੁਣ ਤੱਕ 93 ਪੇਪਰ ਲੀਕ ਹੋ ਚੁੱਕੇ ਹਨ, ਜਦੋਂ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2022 ਤੋਂ ਹੁਣ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਸੂਬੇ ਦੇ 65,000 ਠੇਕਾ ਕਰਮਚਾਰੀਆਂ ਦੀ ਰੈਗੂਲਰ ਨੌਕਰੀ ਦਾ ਰਾਹ ਖੋਲ੍ਹ ਦਿੱਤਾ ਹੈ। ਇਸ ਤੋਂ ਇਲਾਵਾ 25 ਨਵੀਆਂ ਆਈ ਟੀ ਆਈਜ਼ ਖੋਲ੍ਹਣ ਦੀ ਤਿਆਰੀ ਹੈ ਅਤੇ 13 ਮੌਜੂਦਾ ਆਈ ਟੀ ਆਈਜ਼ ਦਾ ਨਵੀਨੀਕਰਨ ਕੀਤਾ ਜਾਵੇਗਾ। ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਕੂਲ ਸਿੱਖਿਆ ’ਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ ’ਤੇ ਸੀ ਅਤੇ ਹੁਣ ਨੀਤੀ ਆਯੋਗ ਮੁਤਾਬਕ ਪੰਜਾਬ ਨੇ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ਲਈ 20 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨੰਗਲ ਵਿੱਚ 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤਾ। ਉਨ੍ਹਾਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ ਸਣੇ ਕਈ ਹੋਰ ਪਤਵੰਤੇ ਮੌਜੂਦ ਸਨ।

ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਨੌਜਵਾਨਾਂ ਦੇ ਹਿੱਤਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੂੰ ਬਿਨਾਂ ਕਿਸੇ ਸਿਫਾਰਿਸ਼ ਤੋਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਕਰ ਕੇ ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਤੋਂ ਮੁੜਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ।

Share: