ਬਠਿੰਡਾ : ਜੂਨ ਦੇ ਪਹਿਲੇ ਹਫ਼ਤੇ ਦੌਰਾਨ ਮਾਲਵਾ ਪੱਟੀ ਵਿੱਚ ਹੋਈ ਹਲਕੀ ਤੋਂ ਦਰਮਿਆਨੀ ਬਰਸਾਤ ਤੋਂ ਬਾਅਦ ਖੇਤਰ ਇੱਕ ਵਾਰ ਫਿਰ ਝੁਲਸਾ ਦੇਣ ਵਾਲੀ ਗਰਮੀ ਦੀ ਚਪੇਟ ਵਿੱਚ ਆ ਗਿਆ ਹੈ। ਬਠਿੰਡਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੁਪਹਿਰ ਵੇਲੇ ਤਾਪਮਾਨ ਵਧਣ ਕਾਰਨ ਸੜਕਾਂ ਅਤੇ ਬਾਜ਼ਾਰਾਂ ਵਿੱਚ ਆਵਾਜਾਈ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਆਪਣੇ ਜ਼ਰੂਰੀ ਕੰਮ ਸਵੇਰੇ ਜਾਂ ਸ਼ਾਮ ਦੇ ਸਮੇਂ ਨਿਪਟਾਉਣ ਨੂੰ ਤਰਜੀਹ ਦੇ ਰਹੇ ਹਨ।
ਅੱਜ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 25.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਮੌਸਮ ਵਿਗਿਆਨੀ ਡਾ. ਜਤਿੰਦਰ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਅਨੁਸਾਰ 10 ਅਤੇ 11 ਜੂਨ ਤੱਕ ਹੀਟਵੇਵ ਦਾ ਅਸਰ ਜਾਰੀ ਰਹੇਗਾ, ਜਦਕਿ 11 ਤੋਂ 14 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਅਤੇ ਝੱਖੜ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਬਠਿੰਡਾ ਦੇ ਬੀੜ ਤਲਾਬ ਚਿੜੀਆਘਰ ਵਿੱਚ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਣ ਰੇਂਜ ਅਫ਼ਸਰ ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤੇਂਦੂਏ ਦੇ ਪਿੰਜਰਿਆਂ ਵਿੱਚ ਕੂਲਰ ਅਤੇ ਠੰਢੇ ਫੁਹਾਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
