
ਜਲੰਧਰ (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰੀ ਰਸੋਈ’ ਤਹਿਤ ਜਲੰਧਰ ਸੈਂਟਰਲ ਹਲਕੇ ਵਿੱਚ ਲੋੜਵੰਦ ਅਤੇ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਦੌਰਾਨ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਿਤਿਨ ਕੋਹਲੀ ਨੇ ਡਿਪੂ ਹੋਲਡਰ ਮਿੰਨੀ ਰਿਹਾਨ ਦੇ ਡਿਪੂ ਵਿਖੇ ਪਹੁੰਚ ਕੇ ਲਾਭਪਾਤਰੀਆਂ ਨੂੰ ਕਿੱਟਾਂ ਸੌਂਪੀਆਂ ਅਤੇ ਸਰਕਾਰ ਦੀ ਇਸ ਜਨ-ਕਲਿਆਣਕਾਰੀ ਯੋਜਨਾ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸੰਬੋਧਨ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ‘ਮੇਰੀ ਰਸੋਈ’ ਸਕੀਮ ਦਾ ਮਕਸਦ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਸੋਈ ਦੇ ਜ਼ਰੂਰੀ ਸਮਾਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਹੱਕਦਾਰ ਪਰਿਵਾਰ ਤੱਕ ਯੋਜਨਾ ਦਾ ਲਾਭ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚੇ।
ਨਿਤਿਨ ਕੋਹਲੀ ਨੇ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਅਜਿਹੀਆਂ ਸਕੀਮਾਂ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਹਰਪਾਲ ਮਿੰਟੂ, ਸਮਾਜ ਸੇਵੀ ਅਸ਼ੋਕ ਸਭਰਵਾਲ, ਧੀਰਜ ਸੇਠ, ਸੰਜੀਵ ਰਾਣਾ, ਗੋਲਡੀ, ਪਰਵੀਨ ਕੁਮਾਰੀ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ। ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਡਿਪੂ ਹੋਲਡਰ ਮਿੰਨੀ ਰਿਹਾਨ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੋਗ ਲਾਭਪਾਤਰੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਜਲੰਧਰ ਸੇੰਟ੍ਰਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਿਤਿਨ ਕੋਹਲੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਪ੍ਰਾਪਤ ਹੋਈਆਂ ਹਨ, ਜਿਸ ਨਾਲ ਪਰਿਵਾਰਕ ਖਰਚੇ ਵਿੱਚ ਕੁਝ ਰਾਹਤ ਮਿਲੇਗੀ।

