ਚੰਡੀਗਡ਼੍ਹ : ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਮੌਸਮ ਨੇ ਮਿਜ਼ਾਜ ਬਦਲ ਲਿਆ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਛਾਏ ਰਹੇ। ਇਸ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟੁੱਟਵਾਂ ਮੀਂਹ ਪਿਆ। ਪਰ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਇਸ ਦੇ ਨਾਲ ਹੀ, ਕਈ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ। ਦੋਵਾਂ ਸੂਬਿਆਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ 17, 19, 20, 21 ਤੇ 22 ਜੂਨ ਨੂੰ ਸੂਬੇ ਵਿੱਚ ਕਈ ਥਾਵਾਂ ’ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਕਈ ਥਾਵਾਂ ’ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਅਚਾਨਕ ਕਾਲੇ ਬੱਦਲ ਛਾ ਗਏ, ਜਿਸ ਕਰਕੇ ਕਈ ਇਲਾਕਿਆਂ ਵਿੱਚ ਸਵੇਰ ਸਮੇਂ ਸ਼ਾਮ ਵਰਗਾ ਮਾਹੌਲ ਬਣ ਗਿਆ। ਅੱਜ ਪਠਾਨਕੋਟ, ਬਠਿੰਡਾ, ਮੁਕਤਸਰ ਤੇ ਹੋਰ ਕਈ ਇਲਾਕਿਆਂ ਵਿੱਚ ਮੀਂਹ ਪਿਆ। ਇਸ ਦੌਰਾਨ ਪਠਾਨਕੋਟ ਵਿੱਚ 8.5 ਐੱਮ ਐੱਮ ਮੀਂਹ ਪਿਆ ਹੈ। ਜਦੋਂ ਕਿ ਬਾਅਦ ਦੁਪਹਿਰ ਸੂਬੇ ਦੇ ਵੱਡੀ ਗਿਣਤੀ ਸ਼ਹਿਰਾਂ ਵਿੱਚ ਬੱਦਲਵਾਈ ਹੁੰਦੀ ਰਹੀ ਜਿਸ ਕਰਕੇ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਪਰ ਜਿਨ੍ਹਾਂ ਸ਼ਹਿਰਾਂ ਵਿੱਚ ਮੀਂਹ ਨਹੀਂ ਪਿਆ, ਉੱਥੇ ਗਰਮੀ ਪਹਿਲਾਂ ਵਾਂਗ ਜਾਰੀ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਰੂਪਨਗਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 36.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 33.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36.4 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 35.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 34.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 33.8 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 33 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 35.7 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 34.5 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 36 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ।
ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਟੱਪੀ
ਪੰਜਾਬ ਵਿੱਚ ਅੱਜ ਸਵੇਰੇ ਕਈ ਇਲਾਕਿਆਂ ਵਿੱਚ ਟੁੱਟਵਾਂ ਮੀਂਹ ਪੈਣ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਬਿਜਲੀ ਦੀ ਮੰਗ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਹੈ। ਜੋ ਕਿ ਲੰਘੇ ਦਿਨ 15 ਜੂਨ ਨੂੰ 13 ਹਜ਼ਾਰ, 14 ਜੂਨ ਨੂੰ 12 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਸੀ।

