ਮੌਨਸੂਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ

ਮੌਨਸੂਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ

ਰਤੀਆ : ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਹੜ੍ਹ ਬਚਾਅ ਅਤੇ ਰਾਹਤ ਪ੍ਰਬੰਧਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਅੱਜ ਚਿੰਮੋ ਸਾਈਫਨ ਅਤੇ ਘਾਸਵਾ ਹੈੱਡ ਸਮੇਤ ਵੱਖ-ਵੱਖ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਉੱਥੇ ਕੀਤੇ ਜਾ ਰਹੇ ਸੁਰੱਖਿਆ ਅਤੇ ਬਚਾਅ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਮੌਨਸੂਨ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ।

ਦੌਰੇ ਦੌਰਾਨ ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਬੰਨ੍ਹਾਂ ਵਿੱਚ ਕੋਈ ਕਮਜ਼ੋਰੀ ਜਾਂ ਖਰਾਬੀ ਨਜ਼ਰ ਆਉਂਦੀ ਹੈ, ਉੱਥੇ ਤੁਰੰਤ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਮਜ਼ਬੂਤ ਬਣਾਇਆ ਜਾਵੇ। ਬਰਸਾਤੀ ਮੌਸਮ ਦੌਰਾਨ ਪਾਣੀ ਦੇ ਵੱਧ ਦਬਾਅ ਕਾਰਨ ਕਮਜ਼ੋਰ ਢਾਂਚੇ ਨੁਕਸਾਨ ਦਾ ਕਾਰਨ ਬਣ ਸਕਦੇ ਹਨ, ਇਸ ਲਈ ਪਹਿਲਾਂ ਤੋਂ ਹੀ ਹਰ ਸੰਭਵ ਸੁਰੱਖਿਆ ਉਪਾਅ ਅਪਣਾਏ ਜਾਣੇ ਲਾਜ਼ਮੀ ਹਨ। ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪਹਿਲਾਂ ਤੋਂ ਕੀਤੀਆਂ ਤਿਆਰੀਆਂ ਬਹੁਤ ਮਹੱਤਵਪੂਰਨ ਹੁੰਦੀਆਂ ਹਨ। ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਪਣੇ ਫਰਜ਼ਾਂ ਦਾ ਸਮੇਂ ਸਿਰ ਨਿਭਾਅ ਯਕੀਨੀ ਬਣਾਉਣ। ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਹੋ ਸਕਣ ਵਾਲੇ ਇਲਾਕਿਆਂ ਉੱਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਨਾਲ਼ਿਆਂ, ਡਰੇਨਾਂ ਅਤੇ ਦਰਿਆਵਾਂ ਦੇ ਕਿਨਾਰਿਆਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਪ੍ਰਣਾਲੀ ਹਰ ਹਾਲਤ ਵਿੱਚ ਸੁਚਾਰੂ ਰਹੇ। ਜੇ ਨਾਲਿਆਂ ਜਾਂ ਡਰੇਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਹੁੰਦੀ ਹੈ ਤਾਂ ਮੀਂਹ ਦੌਰਾਨ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਮੌਕੇ ’ਤੇ ਮੌਜੂਦ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਦੀਆਂ ਡਰੇਨਾਂ ਦੀ ਵਿਆਪਕ ਪੱਧਰ ’ਤੇ ਸਫ਼ਾਈ ਕੀਤੀ ਜਾ ਰਹੀ ਹੈ। ਡਰੇਨਾਂ ਵਿੱਚ ਜਮੀ ਗਾਦ, ਉੱਗੀ ਹੋਈ ਘਾਹ-ਫੂਸ ਅਤੇ ਹੋਰ ਰੁਕਾਵਟਾਂ ਨੂੰ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ, ਜਿਸ ਨਾਲ ਪਾਣੀ ਦਾ ਵਹਾਅ ਨਿਰਵਿਘਨ ਬਣਿਆ ਰਹੇਗਾ। ਸਫ਼ਾਈ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ ਇਸ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰ ਲਿਆ ਜਾਵੇਗਾ।

Share: