ਚੰਨੀ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਖਰਚਾ ਚੁੱਕਣ ਦੀ ਪੇਸ਼ਕਸ਼

ਚੰਨੀ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਖਰਚਾ ਚੁੱਕਣ ਦੀ ਪੇਸ਼ਕਸ਼

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ ‘ਤੇ ਆਉਣ ਵਾਲਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਪਿੰਡ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਅਤੇ ਸਮਾਧੀ ਨੂੰ ਬਦਕਿਸਮਤੀ ਨਾਲ ਅਗਸਤ, 2019 ਦੌਰਾਨ ਢਾਹ ਦਿੱਤਾ ਗਿਆ ਸੀ। ਪੁਰਾਤਨ ਕਥਾਵਾਂ ਅਨੁਸਾਰ ਗੁਰੂ ਰਵਿਦਾਸ ਜੀ, ਮੁਗਲ ਬਾਦਸ਼ਾਹ ਸਿਕੰਦਰ ਲੋਧੀ ਦੇ ਸ਼ਾਸਨ ਦੌਰਾਨ 1509 ਈ. ਦੇ ਲਗਪਗ ਇਸ ਪਵਿੱਤਰ ਸਥਾਨ ਵਿਖੇ ਆਏ ਸਨ।

ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਡੀ.ਡੀ.ਏ. ਨੇ ਹਾਲ ਹੀ ਵਿੱਚ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਚਮਾਰਵਾਲਾ ਜੌਹਰ ਤੁਗਲਕਾਬਾਦ ਕਮੇਟੀ ਨੂੰ 400 ਵਰਗ ਮੀਟਰ ਜ਼ਮੀਨ ਲੈਣ ਲਈ 30 ਸਾਲਾਂ ਦੇ ਪੂੰਜੀਗਤ ਕਿਰਾਏ ਸਮੇਤ 4.33 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਾਉਣ ਲਈ ਕਿਹਾ ਸੀ। ਜ਼ਮੀਨ ਦਾ ਭਾਅ ਜ਼ਿਆਦਾ ਹੋਣ ਕਾਰਨ ਇਹ ਰਕਮ ਜ਼ਿਆਦਾ ਸੀ, ਇਸ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵੱਖ-ਵੱਖ ਵਫ਼ਦਾਂ ਨੇ ਸੂਬਾ ਸਰਕਾਰ ਵੱਲੋਂ ਲੋੜੀਂਦੇ ਯੋਗਦਾਨ ਦੀ ਮੰਗ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਹੈ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕਿਉਂਕਿ ਸੂਬਾ ਸਰਕਾਰ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਸਹੀ ਮਾਅਨਿਆਂ ਵਿੱਚ ਅਪਣਾ ਰਹੀ ਹੈ, ਇਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਮੇਟੀ ਚਾਹੇ ਤਾਂ ਸੂਬਾ ਸਰਕਾਰ ਤੁਗਲਕਾਬਾਦ ਵਿਖੇ ਮੰਦਰ ਦੀ ਉਸਾਰੀ ਲਈ ਜ਼ਮੀਨ ਪ੍ਰਾਪਤ ਕਰਨ ਦਾ ਸਾਰਾ ਖਰਚਾ ਸਹਿਣ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਮੇਟੀ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸੇਵਾ ਪ੍ਰਦਾਨ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਆਪ ਨੂੰ ਬਹੁਤ ਸੁਭਾਗਾ ਸਮਝਣਗੇ।

ਇਸ ਉਪਰਾਲੇ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ, ਜਿਨ੍ਹਾਂ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਪਿਆਰ, ਸ਼ਾਂਤੀ, ਦਇਆ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਮਾਨਵਤਾ ਦੀ ਏਕਤਾ ਦਾ ਸਦੀਵੀ ਸੰਦੇਸ਼ ਦਿੱਤਾ, ਨੂੰ ਨਿਮਰ ਸ਼ਰਧਾਂਜਲੀ ਕਰਾਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਨੇ ਬਰਾਬਰੀ ਅਤੇ ਸਦਭਾਵਨਾ ਦੇ ਸਿਧਾਂਤ ਰਾਹੀਂ ਸਮਾਜਿਕ ਜਾਗ੍ਰਿਤੀ ਲਿਆਉਣ ਲਈ ਅਣਥੱਕ ਯਤਨ ਕੀਤੇ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਸਮੁੱਚੀ ਮਨੁੱਖਤਾ ਲਈ ਗਿਆਨ, ਵਿਸ਼ਵਾਸ ਅਤੇ ਸਿੱਖਿਆ ਦਾ ਆਧਾਰ ਦੱਸਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣਾ ਸੂਬਾ ਸਰਕਾਰ ਦਾ ਨੈਤਿਕ ਫਰਜ਼ ਹੈ। ਉਹਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਚੇਅਰ ਲਈ ਬਜਟ ਵਿਵਸਥਾ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਨੇ ਸੱਚਖੰਡ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਬਾਣੀ ਖੋਜ (ਅਧਿਐਨ) ਸੈਂਟਰ ਦੀ ਸਥਾਪਨਾ ਦਾ ਵੀ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਾਸਤੇ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦਾ ਮੂਲ ਆਧਾਰ ਹੈ।

Share: